
ਮਾਨਸਾ 31 ਜਨਵਰੀ : ਗੁਰਜੰਟ ਸਿੰਘ ਬਾਜੇਵਾਲੀਆ/ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ 31 ਜਨਵਰੀ ਨੂੰ ਜਿਲੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ 18 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 96-ਮਾਨਸਾ ਤੋਂ ਅਖਿਲ ਭਾਰਤੀਯ ਰਾਸ਼ਟਰੀਆ ਸਭਾ ਤੋਂ ਬਲਵੰਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ਼ੁਭਦੀਪ ਸਿੰਘ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਲਿਨਵਾਦੀ) ਰੈਡ ਸਟਾਰ ਤੋਂ ਸ਼ਿਵਚਰਨ ਦਾਸ ਅਤੇ ਅਜਾਦ ਉਮੀਦਵਾਰ ਵਜੋਂ ਗੁਰਨਾਮ ਸਿੰਘ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਇਸੇ ਤਰਾਂ ਵਿਧਾਨ ਸਭਾ ਹਲਕਾ 97-ਸਰਦੂਲਗੜ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਦਿਲਰਾਜ ਸਿੰਘ ਅਤੇ ਬਲਵੰਤ ਕੌਰ, ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਤੋਂ ਗੁਰਮੀਤ ਸਿੰਘ, ਜੈ ਜਵਾਨ ਜੈ ਕਿਸਾਨ ਤੋਂ ਗੁਰਦੀਪ ਸਿੰਘ ਅਤੇ ਸਰਬਜੀਤ ਕੌਰ, ਬੀ.ਜੇ.ਪੀ. ਤੋਂ ਜਗਜੀਤ ਸਿੰਘ, ਆਮ ਆਦਮੀ ਪਾਰਟੀ ਤੋਂ ਗੁਰਪ੍ਰੀਤ ਸਿੰਘ ਅਤੇ ਅਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਿਕਰਮ ਸਿੰਘ, ਲੋਕ ਇਨਸਾਫ਼ ਪਾਰਟੀ ਤੋਂ ਮਨਜੀਤ ਸਿੰਘ ਅਤੇ ਅਜਾਦ ਉਮੀਦਵਾਰ ਵਜੋਂ ਚੇਤ ਰਾਮ ਅਤੇ ਜਸਵਿੰਦਰ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਧਾਨ ਸਭਾ ਚੋਣ ਹਲਕਾ 98-ਬੁਢਲਾਡਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਣਵੀਰ ਕੌਰ ਮੀਆਂ ਅਤੇ ਸਰਬਜੀਤ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ 2022 ਹੋਵੇਗੀ ਜਦਕਿ ਨਾਮਜਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ ਨਿਸ਼ਚਿਤ ਕੀਤੀ ਗਈ ਹੈ।





