17.4 C
Chandigarh

TODAY NOW NEWS

Friday, March 20, 2026
HomeBREAKING NEWSਡਾ.ਓਬਰਾਏ ਦੇ ਯਤਨਾਂ ਸਦਕਾ 37 ਸਾਲਾ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ ਦੁਬਈ...

ਡਾ.ਓਬਰਾਏ ਦੇ ਯਤਨਾਂ ਸਦਕਾ 37 ਸਾਲਾ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਤਨ ਪੁੱਜਾ

ਫਿਰੋਜ਼ਪੁਰ, 30 ਜਨਵਰੀ (ਹਰਜਿੰਦਰ ਸਿੰਘ ਕਤਨਾ ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਦਾ ਮਿ੍ਤਕ ਸਰੀਰ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਪਹੁੰਚਣ ਉਪਰੰਤ ਅੱਜ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਦੁਬਈ ਦੀ ਇਕ ਕੰਪਨੀ ‘ਚ ਬਤੌਰ ਡਰਾਈਵਰ ਕੰਮ ਕਰਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ‘ਚ ਉਸ ਦੀ ਕੰਪਨੀ ਨੇ ਉਸ ਨੂੰ ਕੰਮ ਤੋਂ ਜੁਆਬ ਦੇ ਦਿੱਤਾ ਸੀ। ਜਿਸ ਕਾਰਨ ਉਸ ਨੇ ਵਾਪਸ ਪੰਜਾਬ ਆਪਣੇ ਘਰ ਆਉਣ ਲਈ ਬੀਤੀ 18 ਜਨਵਰੀ ਦੀ ਟਿਕਟ ਵੀ ਖਰੀਦ ਲਈ ਸੀ ਪਰ ਕੰਮ ਖੁੱਸਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਰਣਜੀਤ ਸਿੰਘ 16 ਜਨਵਰੀ ਨੂੰ ਅਚਾਨਕ ਚੱਕਰ ਖਾ ਕੇ ਜ਼ਮੀਨ ਤੇ ਡਿੱਗ ਪਿਆ,ਜਿਸ ਦੀ 17 ਜਨਵਰੀ ਨੂੰ ਹਪਸਤਾਲ ‘ਚ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨਾਲ ਰਣਜੀਤ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਪੀੜਤ ਪਰਿਵਾਰ ਦੀ ਪਤਲੀ ਆਰਥਿਕ ਹਾਲਤ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ ‘ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਰਣਜੀਤ ਸਿੰਘ ਦੇ ਮ੍ਰਿਤਕ ਸਰੀਰ ਨੂੰ ਦੁਬਈ ਤੋਂ ਭਾਰਤ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਭੇਜਿਆ ਗਿਆ ਹੈ। ਇਸ ਸਮੁੱਚੀ ਕਾਰਵਾਈ ਦੌਰਾਨ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਵੀ ਵਿਸ਼ੇਸ਼ ਭੂਮਿਕਾ ਰਹੀ ਹੈ।
ਪੀਡ਼ਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਸੀਨੀਅਰ ਅਹੁਦੇਦਾਰ ਡਾ.ਸਤਨਾਮ ਸਿੰਘ ਨਿੱਝਰ,ਮਨਪ੍ਰੀਤ ਸਿੰਘ ਸੰਧੂ ਚਮਿਆਰੀ,ਨਵਜੀਤ ਸਿੰਘ ਘਈ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਵੇਖਦਿਆਂ ਟਰੱਸਟ ਮੁਖੀ ਡਾ.ਓਬਰਾਏ ਵੱਲੋਂ ਮ੍ਰਿਤਕ ਦੀ ਪਤਨੀ ਨੂੰ 2500 ਰੁਪਏ ਜਦ ਕਿ ਉਸ ਦੀ ਬਜ਼ੁਰਗ ਮਾਤਾ ਨੂੰ 1000 ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦਾ ਫੈਸਲਾ ਲਿਆ ਹੈ। ਜਿਸ ਦਾ ਪਹਿਲਾ ਚੈੱਕ ਅੱਜ ਹੀ ਪੀਡ਼ਤ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 289 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਮ੍ਰਿਤਕ ਰਣਜੀਤ ਸਿੰਘ ਦੀ ਬਜ਼ੁਰਗ ਵਿਧਵਾ ਮਾਂ ਨਰਿੰਦਰ ਕੌਰ,ਪਤਨੀ ਮਨਪ੍ਰੀਤ ਕੌਰ, ਤਾਇਆ ਸੂਬਾ ਸਿੰਘ,ਚਾਚਾ ਗੁਰਮੀਤ ਸਿੰਘ,ਭਰਾ ਬਿਕਰਮਜੀਤ ਸਿੰਘ,ਜਸਬੀਰ ਸਿੰਘ,ਰਾਜਬੀਰ ਸਿੰਘ ਹੈਪੀ ਸਾਬਕਾ ਸਰਪੰਚ,ਕੁਲਵਿੰਦਰ ਸਿੰਘ ਅਤੇ ਹੋਰਨਾਂ ਇਲਾਕਾ ਨਿਵਾਸੀਆਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ ‘ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਰਣਜੀਤ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾ.ਓਬਰਾਏ ਵੱਲੋਂ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਦੇ ਰੂਪ ‘ਚ ਦਿੱਤੀ ਜਾਣ ਵਾਲੀ ਆਰਥਿਕ ਮਦਦ ਨਾਲ ਮ੍ਰਿਤਕ ਰਣਜੀਤ ਸਿੰਘ ਦੇ ਛੋਟੇ-ਛੋਟੇ ਬੱਚਿਆਂ ਦਾ ਪਾਲਣ ਪੋਸ਼ਣ ਹੋ ਸਕੇਗਾ।

ਕੈਪਸ਼ਨ : ਸਸਕਾਰ ਮੌਕੇ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਮਹੀਨਾਵਾਰ ਵਿੱਤੀ ਮਦਦ ਦਾ ਚੈੱਕ ਦੇਣ ਮੌਕੇ ਟਰੱਸਟ ਦੇ ਅਹੁਦੇਦਾਰ।

ਕੈਪਸ਼ਨ 2 : ਮ੍ਰਿਤਕ ਦੀ ਫਾਈਲ ਫੋਟੋ।

Today Now News

RELATED ARTICLES
- Advertisment -

POPULAR POSTS