
ਅੰਮ੍ਰਿਤਸਰ, (ਗਗਨ ਢਿੱਲੋਂ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿੱਚੋਂ ਛੇਕੇ ਹੋਣ ਦੇ ਬਾਵਜੂਦ ਅੰਮ੍ਰਿਤ ਛਕਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਬਾਬਾ ਲਖਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਤੋਂ ਬਾਅਦ ਲਖਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ‘ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੱਥੇਦਾਰ ਨੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੂੰ ਛਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨੂੰ ਢਾਹ ਲਗਾਈ ਗਈ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬਾਨ ਸਾਹਿਬ ‘ਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਮੰਗਵਾਈ ਗਈ ਹੈ, ਜੋ ਵੀ ਇਸ ਵਿਚ ਸ਼ਾਮਲ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।





