
ਚੰਡੀਗੜ੍ਹ : ਸੂਬੇ ਵਿਚ ਕੋਵਿਡ ਦੇ ਵਧਦੇ ਮਾਮਲਿਆਂ ਅਤੇ ਪ੍ਰਤੀ ਮਿਲੀਅਨ ਪਿੱਛੇ ਮੌਤਾਂ ਦੀ ਗਿਣਤੀ ਵਧਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਉਹ ਸਖ਼ਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਨਗੇ। ਆਪਣੇ ਵਜ਼ਾਰਤੀ ਸਾਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮਾਹਿਰਾਂ ਦੀ ਸਿਹਤ ਸਲਾਹਕਾਰੀ ਕਮੇਟੀ ਦੇ ਚੇਅਰਮੈਨ ਡਾ ਕੇ. ਕੇ. ਤਲਵਾੜ ਵੱਲੋਂ ਦਿੱਤੇ ਸੁਝਾਵਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਸੂਬਾ ਸਰਕਾਰ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਸਖ਼ਤ ਉਪਾਅ ਕਰਨ ‘ਤੇ ਵਿਚਾਰ ਕਰੇਗੀ। ਭਾਵੇਂ ਉਨ੍ਹਾਂ ਤਾਲਾਬੰਦੀ ਤੋਂ ਇਨਕਾਰ ਨਹੀਂ ਕੀਤਾ, ਖਾਸ ਕਰਕੇ ਵੱਧ ਮਾਮਲਿਆਂ ਵਾਲੇ ਇਲਾਕਿਆਂ ਵਿਚ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਮੌਟੇਂਕ ਸਿੰਘ ਆਹਲੂਵਾਲੀਆ ਜੋ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਲਈ ਬਣਾਏ ਗਏ ਮਾਹਿਰਾਂ ਦੇ ਗਰੁੱਪ ਦੇ ਮੁਖੀ ਹਨ, ਨੇ ਵੀ ਕਿਹਾ ਕਿ ਕੋਵਿਡ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਨਾਲ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ।




