ਫਸਲਾਂ ਉਪਰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਲੋੜ ਅਨੁਸਾਰ ਹੀ ਵਰਤੋਂ ਕਰਦਾ ਹੈ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਮੋਜੀਆ ਜ਼ਿਲ੍ਹਾ ਮਾਨਸਾ ਦਾ ਇੱਕ ਅਗਾਂਹਵਧੂ ਕਿਸਾਨ ਹੈ, ਜੋ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਵੱਲੋਂ ਆਤਮਾ ਸਕੀਮ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਵੱਲੋਂ ਆਪਣੀ ਜੱਦੀ 8 ਏਕੜ ਵਿੱਚੋਂ ਝੋਨੇ ਦੀ ਪਰਾਲ ਨੂੰ ਸੁਚੱਜੇ ਢੰਗ ਨਾਲ ਪ੍ਰਬੰਧ ਕਰਕੇ ਪਿੰਡ ਵਾਲਿਆਂ ਲਈ ਇੱਕ ਮਿਸਾਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਵੱਲੋ ਝੋਨੇ ਦੀ ਵਾਢੀ ਸੁਪਰ ਐੱਸ.ਐੱਮ.ਐੱਸ ਵਾਲੀ ਕੰਬਾਇਨ ਨਾਲ ਕਰਵਾ ਕੇ ਬਾਅਦ ਵਿੱਚ 4 ਏਕੜ ਵਿੱਚ ਹੈਪੀ ਸੀਡਰ ਨਾਲ ਅਤੇ 4 ਏਕੜ ਵਿੱਚ ਛਿੱਟੇ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਇਸ ਤੋ ਇਲਾਵਾ ਇਹ ਫਸਲ ’ਤੇ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋ ਵੀ ਲੋੜ ਅੁਨਸਾਰ ਕਰਦਾ ਹੈ ਜਿਸ ਨਾਲ ਫਸਲ ’ਤੇ ਹੋਣ ਵਾਲਾ ਖਰਚਾ ਵੀ ਘੱਟ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਸਮੇਂ-ਸਮੇਂ ’ਤੇ ਖੇਤੀਬਾੜੀ ਵਿਭਾਗ ਦੀ ਸਲਾਹ ਵੀ ਲੈਂਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਕਿਸਾਨ ਨੇ ਪਰਾਲ ਨੂੰ ਬਿਨ੍ਹਾਂ ਅੱਗ ਲਗਾਏ ਬੀਜੀ ਕਣਕ ਤੋਂ ਲੱਗਭਗ 22 ਕੁਇੰਟਲ ਝਾੜ ਪ੍ਰਾਪਤ ਕੀਤਾ ਅਤੇ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਾਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਿਰਮਲ ਸਿੰਘ ਲਿਖਣ ਦਾ ਸ਼ੌਕ ਵੀ ਰੱਖਦਾ ਹੈ ਅਤੇ ਪਰਾਲੀ ਸਬੰਧੀ ਵੀ ਬਹੁਤ ਕੁਝ ਲਿਖਿਆ ਹੈ, ਜਿਸ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਲੱਗ ਰਹੇ ਜਿਲ੍ਹਾ ਪੱਧਰੀ ਕੈਂਪਾਂ ਵਿੱਚ ਕਿਸਾਨਾਂ ਦੇ ਸਾਹਮਣੇ ਪੇਸ਼ ਕਰਕੇ ਕਿਸਾਨਾਂ ਨੂੰ ਪਰਾਲ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਨਿਰਮਲ ਸਿੰਘ ਆਪਣੀ 8 ਏਕੜ ਵਿੱਚ ਝੋਨੇ ਦੀ ਪਰਾਲ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਅਤੇ ਪਿੰਡ ਦੇ ਲਈ ਮਿਸਾਲ ਬਣਨ ਲਈ ਤਿਆਰ ਹੈ।






