ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ : ਆਪਣਾ ਰੋਜ਼ਗਾਰ ਸ਼ੁਰੂ ਕਰਨ ਦੇ ਇਛੁੱਕ ਨੌਜਵਾਨ ਭਰਪੂਰ ਲਾਭ ਲੈਣ – ਡਿਪਟੀ ਕਮਿਸ਼ਨਰ

ਮੋਗਾ (ਹਰਪਾਲ ਸਹਾਰਨ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰ੍ਹਾਂ ‘ਤੇ ਖੜ੍ਹਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਕੜੀ ਤਹਿਤ ਦਸੰਬਰ 2020 ਤੱਕ ਜ਼ਿਲ੍ਹਾ ਮੋਗਾ ਦੇ 3600 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਦਾ ਟੀਚਾ ਹੈ। ਇਸ ਲਈ ਮੁਹਿੰਮ ਸ਼ੁਰੂ ਕਰਕੇ ਨੌਜਵਾਨਾਂ ਨੂੰ ਸਸਤੀਆਂ ਦਰਾਂ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਦੀਆਂ ਬੈਂਕਾਂ ਦੇ ਪ੍ਰਤੀਨਿਧਾਂ ਨਾਲ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਅਤੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣ ਦੀ ਹਦਾਇਤ ਕੀਤੀ। ਸ੍ਰੀ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਟੀਚੇ ਤਹਿਤ ਦਸੰਬਰ 2020 ਤੱਕ ਜ਼ਿਲ੍ਹਾ ਮੋਗਾ ਦੇ 3600 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਸਸਤੀਆਂ ਦਰਾਂ ‘ਤੇ ਕਰਜ਼ਾ ਮੁਹੱਈਆ ਕਰਾਉਣ ਦਾ ਟੀਚਾ ਹੈ। ਜਿਸ ਵਿੱਚੋਂ ਹੁਣ ਤੱਕ 1178 ਨੌਜਵਾਨਾਂ ਨੂੰ ਪਹਿਲਾਂ ਹੀ ਇਹ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਸ੍ਰੀ ਹੰਸ ਨੇ ਦੱਸਿਆ ਕਿ ਇਹ ਕਰਜ਼ੇ ਪ੍ਰਧਾਨ ਮੰਤਰੀ ਰੋਜ਼ਗਾਰ ਉੱਤਪਤੀ ਪ੍ਰੋਗਰਾਮ, ਮੁਦਰਾ ਯੋਜਨਾ, ਸਟੈਂਡ ਅੱਪ ਯੋਜਨਾ ਅਤੇ ਹੋਰ ਯੋਜਨਾਵਾਂ ਅਧੀਨ ਮੁਹੱਈਆ ਕਰਵਾਏ ਜਾਣਗੇ। ਇਸ ਲਈ ਲੀਡ ਬੈਂਕ ਦੀ ਅਗਵਾਈ ਵਿੱਚ ਹੋਰ ਬੈਂਕਾਂ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਗੀਆਂ। ਇਸ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਮੇਲੇ ਲਗਾਏ ਜਾਣਗੇ। ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਇਸ ਮੌਕੇ ਲਾਭਪਾਤਰੀਆਂ ਨੂੰ ਕਰਜ਼ਾ ਮੁਹੱਈਆ ਕਰਾਉਣ ਲਈ ਪ੍ਰਤੀ ਬੈਂਕ ਟੀਚੇ ਵੀ ਨਿਰਧਾਰਤ ਕੀਤੇ ਗਏ।
ਸ੍ਰੀ ਹੰਸ ਨੇ ਅਧਿਕਾਰੀਆਂ ਅਤੇ ਬੈਂਕ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਹਰੇਕ ਯੋਗ ਵਿਅਕਤੀ ਦੀ ਸਹਾਇਤਾ ਕਰਨ ਲਈ ਉਨ੍ਹਾਂ ਦੀਆਂ ਕਾਰਵਾਈਆਂ ਖੁਦ ਪੂਰੀਆਂ ਕਰਾਉਣੀਆਂ ਯਕੀਨੀ ਬਣਾਉਣ। ਜੋ ਅਧਿਕਾਰੀ ਜਾਂ ਵਿਭਾਗ ਨਿਰਧਾਰਤ ਟੀਚਾ ਪੂਰਾ ਨਹੀਂ ਕਰੇਗਾ, ਉਸ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਹੰਸ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਲੈਣ।




