ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਸਹੂਲਤ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਕੱਲ੍ਹ 17 ਫਰਵਰੀ ਤੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਸਹੂਲਤ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ ਸਭ ਤੋਂ ਪਹਿਲਾਂ ਟਾਈਪ 1 ਸੇਵਾ ਕੇਂਦਰ ਵਿਖੇ ਇਸ ਦੀ ਸ਼ੁਰੂਆਤ ਕਰਨ ਤੋਂ ਬਾਅਦ ਪੜਾਅਵਾਰ ਟਾਈਪ 2 ਸੇਵਾ ਕੇਂਦਰਾਂ ਵਿਖੇ 22 ਫਰਵਰੀ ਤੋਂ ਅਤੇ ਟਾਈਪ 3 ਸੇਵਾ ਕੇਂਦਰਾਂ ਵਿਖੇ 26 ਫਰਵਰੀ ਤੋਂ ਇਹ ਸੁਵਿਧਾ ਆਰੰਭ ਹੋਵੇਗੀ। ਉਨ੍ਹਾਂ ਇਸ ਯੋਜਨਾ ਦੇ ਦਾਇਰੇ ਅਧੀਨ ਆਉਂਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੱਲੋਂ ਹਾਲੇ ਤੱਕ ਆਪਣੇ ਈ ਕਾਰਡ ਨਹੀਂ ਬਣਵਾਏ ਗਏ ਉਹ ਬਿਨਾਂ ਕਿਸੇ ਦੇਰੀ ਤੋਂ ਇਹ ਕਾਰਡ ਬਣਵਾ ਲੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦੇ ਅਧੀਨ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਸਰਕਾਰੀ ਤੇ ਇੰਪੈਨਲਡ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਨ ਦੀ ਸੁਵਿਧਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਡ ਬਣਵਾਉਣ ਲਈ ਬਿਨੇਕਾਰ ਨੂੰ ਮਹਿਜ਼ 30 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ।






