ਡਾ. ਰਾਜ ਕੁਮਾਰ ਵੇਰਕਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ : ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਤਰਨ ਤਾਰਨ (ਜਸਬੀਰ ਸਿੰਘ) : ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਵਰਤਣ ਵਾਲੇ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।
ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਉਹਨਾਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਿੲਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾਵੇ।ਉਹਨਾਂ ਕਿਹਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ। ਉਹਨਾਂ ਸਮੂਹ ਮੈਂਬਰਾਂ ਨੰੁ ਅਪੀਲ ਕੀਤੀ ਕਿ ਕਿਸੇ ਵੀ ਵਿਭਾਗ ਵਿਰੁੱਧ ਸ਼ਿਕਾਇਤ ਲਿਖਤੀ ਰੂਪ ਵਿੱਚ ਦਿੱਤੀ ਜਾਵੇ ਅਤੇ ਕਮੇਟੀ ਨੂੰ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਚੰਗੇ ਸੁਝਾਅ ਵੀ ਦਿੱਤੇ ਜਾਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਰਕਾਰੀ ਮਾਪਦੰਡਾਂ ਮੁਤਾਬਿਕ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕਮੇਟੀ ਕੋਲ ਆਈਆਂ ਸ਼ਿਕਾਇਤਾਂ ਦਾ ਸਬੰਧਿਤ ਵਿਭਾਗਾਂ ਵੱਲੋਂ ਨਿਪਟਾਰਾ ਕੀਤਾ ਗਿਆ ਹੈ। ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਡਾ. ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ. ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਖਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।






