ਦਿਨੋਂ-ਦਿਨ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਚਲਦੇ ਆਮ ਜਨਤਾ ਦਾ ਗੁੱਸਾ ਸੱਤਵੇਂ ਆਸਮਾਨ ਤੇ : ਆਗੂ

ਨਾਭਾ (ਸੁਖਚੈਨ ਲੁਬਾਣਾ) : ਇਕ ਪਾਸੇ ਜਿਥੇ ਕੋਰੋਨਾ ਮਹਾਂਮਾਰੀ ਦੇ ਕਾਰਨ ਆਮ ਜਨਤਾ ਦਾ ਪਹਿਲਾਂ ਹੀ ਕੰਮਕਾਰ ਠੱਪ ਹੋਣ ਦੇ ਕਿਨਾਰੇ ਹੈ ਉੱਥੇ ਹੀ ਦੂਜੇ ਪਾਸੇ ਵਧਦੀ ਮਹਿੰਗਾਈ ਨੇ ਆਮ ਜਨਤਾ ਦਾ ਲੱਕ ਤੋੜ ਦਿੱਤਾ ਹੈ ਦਿਨੋਂ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਦੇ ਚਲਦੇ ਆਮ ਜਨਤਾ ਦਾ ਗੁੱਸਾ ਸੱਤਵੇਂ ਆਸਮਾਨ ਤੇ ਹੈ। ਜਿਸ ਦੇ ਤਹਿਤ ਨਾਭਾ ਵਿਖੇ ਸੀਪੀਆਈ ਅਤੇ ਮਨਰੇਗਾ ਔਰਤਾਂ ਵੱਲੋਂ ਸਾਂਝੇ ਤੌਰ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸੀਪੀਆਈ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਗਦਾਈਆ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਂਦਰ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਏਗਾ ਅਤੇ ਗ਼ਰੀਬ ਵਿਅਕਤੀ ਨੂੰ ਦੋ ਡੰਗ ਦੀ ਰੋਟੀ ਖਾਣੀ ਵੀ ਮੁਸ਼ਕਲ ਹੋ ਗਈ ਹੈ।
ਇਸ ਮੌਕੇ ਤੇ ਸੀਪੀਆਈ ਦੇ ਆਗੂ ਕਸ਼ਮੀਰ ਸਿੰਘ ਗਦਾਈਆ ਅਤੇ ਔਰਤ ਆਗੂ ਨੇ ਕਿਹਾ ਕਿ ਜੋ ਦਿਨੋਂ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ ਸਰਕਾਰਾਂ ਬਿਲਕੁਲ ਫੇਲ੍ਹ ਹੋ ਚੁੱਕੀਆਂ ਹਨ ਅਤੇ ਆਮ ਲੋਕਾਂ ਨੂੰ ਇਹ ਕੁਚਲਣਾ ਚਾਹੁੰਦੀਆਂ ਹਨ ਗ਼ਰੀਬਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ। ਪਰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਏਗਾ ਕਿਉਂਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰਜ਼ ਤੇ ਚੱਲ ਰਹੀ ਹੈ।






