
ਨਵੀਂ ਦਿੱਲੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸੜਕਾਂ ਤੇ ਰੇਲ ਆਵਾਜਾਈ ਰੋਕੀ ਗਈ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ। ਦੇਸ਼ ਭਰ ਵਿੱਚ ਕਿਸਾਨਾਂ ਦੇ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਇਸ ਦੌਰਾਨ ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਉਠਾਏ ਗਏ ਕਿਸੇ ਵੀ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹੈ। ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਰਾਹ ਅਪਣਾਉਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਦਿੱਲੀ ਸਰਹੱਦ ‘ਤੇ ਧਰਨਾ ਦੇ ਰਹੇ 300 ਤੋਂ ਵੱਧ ਦਿਨ ਹੋ ਗਏ ਹਨ। ਕਿਸਾਨ ਆਗੂਆਂ ਅਤੇ ਸਰਕਾਰ ਦੇ ਦਰਮਿਆਨ ਗੱਲਬਾਤ ਦੇ 10 ਦੌਰ ਵੀ ਹੋਏ ਹਨ ਜੋ ਕਿ ਵਿਅਰਥ ਰਹੇ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਆਖਰੀ ਵਾਰ ਗੱਲਬਾਤ ਜਨਵਰੀ ਵਿੱਚ ਹੋਈ ਸੀ।


