ਗੁਰੂਗ੍ਰਾਮ:

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਗੋਲੀਬਾਰੀ ਦੀ ਖ਼ਬਰ ਹੈ। ਗੁਰੂਗ੍ਰਾਮ ਦੇ ਫਰੁਖਨਗਰ, ਐਸਜੀਟੀ ਯੂਨੀਵਰਸਿਟੀ ਵਿੱਚ ਮੈਡੀਕਲ ਦੇ ਅੰਤਮ ਸਾਲ ਦੇ ਵਿਦਿਆਰਥੀ ਦੀ ਸ਼ੁੱਕਰਵਾਰ (8 ਅਕਤੂਬਰ) ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਨੂੰਨ ਦੀ ਪੜ੍ਹਾਈ ਕਰ ਰਹੇ ਲੱਕੀ ਨਾਂ ਦੇ ਵਿਦਿਆਰਥੀ ‘ਤੇ ਅਪਰਾਧ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਮੁਢਲੀ ਜਾਂਚ ਵਿੱਚ ਪ੍ਰੇਮਿਕਾ ਨੂੰ ਲੈ ਕੇ ਝਗੜਾ ਦੱਸਿਆ ਜਾ ਰਿਹਾ ਹੈ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦਾ ਨਾਂ ਵਿਨੀਤ ਹੈ, ਜੋ ਐਮਬੀਬੀਐਸ ਫਾਈਨਲ-ਈਅਰ ਦਾ ਵਿਦਿਆਰਥੀ ਸੀ। ਪੁਲਿਸ ਦੇ ਅਨੁਸਾਰ ਯੂਨੀਵਰਸਿਟੀ ਦੇ ਪਾਰਕ ਦੇ ਬਾਹਰ ਵਿਨੀਤ ਅਤੇ ਲੱਕੀ ਦੇ ਵਿੱਚ ਝਗੜਾ ਹੋਇਆ ਸੀ, ਜਿਸਦੇ ਬਾਅਦ ਲੱਕੀ ਨੇ ਵਿਨੀਤ ਉੱਤੇ ਗੋਲੀ ਚਲਾ ਦਿੱਤੀ, ਜਿਸ ਵਿੱਚ ਵਿਨੀਤ ਜ਼ਖਮੀ ਹੋ ਗਿਆ। ਵਿਨੀਤ ਨੂੰ ਤੁਰੰਤ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਲੱਕੀ ਅਤੇ ਉਸਦੇ ਦੋਸਤ ਮੌਕੇ ਤੋਂ ਭੱਜ ਗਏ। ਮ੍ਰਿਤਕ ਵਿਨੀਤ ਯੂਨੀਵਰਸਿਟੀ ਵਿੱਚ ਮੈਡੀਕਲ ਦੇ ਅੰਤਿਮ ਸਾਲ ਵਿੱਚ ਪੜ੍ਹ ਰਿਹਾ ਸੀ ਅਤੇ ਯੂਪੀ ਦੇ ਸ਼ਾਮਲੀ ਦਾ ਵਸਨੀਕ ਸੀ। ਪੁਲਿਸ ਨੇ ਇਸ ਪੂਰੇ ਮਾਮਲੇ ਵਿੱਚ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਪੁਲਿਸ ਦੀ ਮੁਢਲੀ ਜਾਂਚ ਵਿੱਚ ਇਹ ਪਾਇਆ ਗਿਆ ਹੈ ਕਿ ਲੱਕੀ ਅਤੇ ਵਿਨੀਤ ਦੇ ਵਿੱਚ ਇੱਕ ਵਿਦਿਆਰਥਣ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸਦੇ ਬਾਅਦ ਲੱਕੀ ਨੇ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਯੂਨੀਵਰਸਿਟੀ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਉਨ੍ਹਾਂ ਲੋਕਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਹੈ ਜੋ ਉਸ ਸਮੇਂ ਮੌਜੂਦ ਸਨ, ਜਦੋਂ ਇਹ ਘਟਨਾ ਵਾਪਰੀ ਸੀ।
ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਪੂਰੇ ਮਾਮਲੇ ਦੀ ਜਾਂਚ ਪੂਰੀ ਕਰ ਲਈ ਜਾਵੇਗੀ। ਯੂਨੀਵਰਸਿਟੀ ਵਿੱਚ ਗੋਲੀਬਾਰੀ ਤੋਂ ਬਾਅਦ ਜਿੱਥੇ ਵਿਦਿਆਰਥੀਆਂ ਵਿੱਚ ਡਰ ਦਾ ਮਾਹੌਲ ਹੈ, ਉੱਥੇ ਯੂਨੀਵਰਸਿਟੀ ਦੀ ਸੁਰੱਖਿਆ ਵਿਵਸਥਾ ਉੱਤੇ ਵੀ ਸਵਾਲ ਖੜ੍ਹੇ ਹੋ ਗਏ ਹਨ।





