
ਚੰਡੀਗੜ੍ਹ: ਬੀਤੇ ਦਿਨੀ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ‘ਤੇ ਬੈਠੇ ਹਨ। ਭੁੱਖ ਹੜਤਾਲ ਦਾ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਅਣਮਨੁੱਖੀ ਵਤੀਰਾ ਦੱਸਿਆ ਜਾ ਰਿਹਾ ਹੈ। ਸੁਖਪਾਲ ਖਹਿਰਾ ਦੇ ਮੁੰਡੇ ਮਹਿਤਾਬ ਖਹਿਰਾ ਨੇ ਚੰਡੀਗੜ੍ਹ ਪੁਲਿਸ ‘ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਸਿੱਖੀ ਉਪਰ ਹਮਲਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 11 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਪਿਛੋਂ ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਹੁਣ ਰਿਮਾਂਡ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਪੁਲਿਸ ‘ਤੇ ਅਣਮਨੁੱਖੀ ਵਤੀਰੇ ਦੇ ਦੋਸ਼ ਲਾਉਂਦੇ ਹੋਏ ਕਾਰਵਾਈ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਮਹਿਤਾਬ ਵਿਰਕ ਨੇ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਉਸਦੇ ਪਿਤਾ ਚੰਡੀਗੜ੍ਹ ਪੁਲਿਸ ਦੀ ਬਦਸਲੂਕੀ ਦੇ ਰੋਸ ਵੱਜੋਂ ਹੀ ਭੁੱਖ ਹੜਤਾਲ ‘ਤੇ ਬੈਠੇ ਹਨ। ਉਸ ਨੇ ਕਿਹਾ ਕਿ ਇੱਕ ਪੁਲਿਸ ਅਧਿਕਾਰੀ ਪਾਂਡੇ ਵੱਲੋਂ ਸੁਖਪਾਲ ਖਹਿਰਾ ਨੂੰ ਕੜਾ ਉਤਾਰਨ ਲਈ ਕਿਹਾ ਗਿਆ, ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਸ ਨੇ ਕਿਹਾ ਕਿ ਇਹ ਸਿੱਧਾ ਸਿੱਖੀ ਉਪਰ ਹਮਲਾ ਕੀਤਾ ਜਾ ਰਿਹਾ ਹੈ।
ਉਧਰ, ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਖਹਿਰਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਨਾਲ ਕੋਈ ਵੀ ਬੁਰਾ ਵਿਵਹਾਰ ਨਹੀਂ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਖਹਿਰਾ ਕੜਾ ਉਤਰਵਾਉਣ ਦੀ ਗੱਲ ਕਰ ਰਹੇ ਹਨ, ਤਾਂ ਉਨ੍ਹਾਂ ਨੂੰ ਕੜਾ ਉਤਾਰਨਾ ਹੀ ਪਵੇਗਾ, ਜੇਕਰ ਤਾਂ ਉਹ ਹਿਰਾਸਤ ਵਿੱਚ ਹਨ, ਕਿਉਂਕਿ ਸੁਖਪਾਲ ਖਹਿਰਾ ਨੇ ਕਿਹੜਾ ਕੋਈ ਅੰਮ੍ਰਿਤ ਛਕਿਆ ਹੋਇਆ ਹੈ।




