
ਮਾਨਸਾ,12 ਜਨਵਰੀ: ਗੁਰਜੰਟ ਸਿੰਘ ਬਾਜੇਵਾਲੀਆ/ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਸਕੱਤਰ ਮੈਡਮ ਸ਼ਿਲਪਾ ਵੱਲੋਂ 11 ਜਨਵਰੀ 2022 ਨੂੰ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਰਾਹੀਂ ਉਨ੍ਹਾਂ ਨੇ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਇਸ ਦੌਰਾਨ ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਲੰਗਰ ਹਾਲ ਪੁੱਜ ਕੇ ਕੈਦੀਆਂ ਨੂੰ ਦਿੱਤੀ ਜਾ ਰਹੀ ਖੁਰਾਕ ਦਾ ਨਿਰੀਖਣ ਕੀਤਾ ਅਤੇ ਉੱਥੇ ਖਾਣਾ ਬਣਾ ਰਹੇ ਕੈਦੀਆਂ ਨਾਲ ਖਾਸ ਗੱਲਬਾਤ ਕੀਤੀ।
ਉਨ੍ਹਾਂ ਨੇ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ। ਇਸ ਮੌਕੇ ਤੇ ਉਨ੍ਹਾਂ ਨੇ ਕੋਵਿਡ ਦੀ ਤੀਜੀ ਲਹਿਰ ਓਮੀਕਰੋਨ ਸਬੰਧੀ ਵੀ ਹਵਾਲਾਤੀਆਂ ਅਤੇ ਕੈਦੀਆਂ ਨੂੰ ਖਾਸ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੀ ਸਲਾਹ ਦਿੱਤੀ ਅਤੇ ਪੰਜਾਬ ਸਰਕਾਰ ਦੀਆਂ ਕੋਵਿਡ ਸਬੰਧੀ ਆ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਕਰਨ ਲਈ ਕਿਹਾ।





