ਮਾਨਸਾ, 16 ਜਨਵਰੀ (ਗੁਰਜੰਟ ਸਿੰਘ ਬਾਜੇਵਾਲੀਆ) ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਮੱਦਨਜ਼ਰ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ ’ਚ 25 ਜਨਰਵੀ 2022 ਤੱਕ ਦਾ ਵਾਧਾ ਕਰਦਿਆਂ ਜ਼ਿਲ੍ਹਾ ਮੈਜਿਸਟੇ੍ਰਟ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਅੰਦਰ (ਇੰਡੋਰ) 50 ਅਤੇ ਬਾਹਰ (ਆਊਟਡੋਰ) 100 ਤੋਂ ਵੱਧ ਲੋਕਾਂ ਦੇ ਇੱਕਠ ਕਰਨ ਤੇ ਵੀ ਰੋਕ ਲਗਾਈ ਗਈ ਹੈ । ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।
ਪਹਿਲਾ ਤੋਂ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ਤ ਕੀਤਾ ਗਿਆ ਹੈ। ਇਸੇ ਤਰਾਂ ਧਾਰਾ 144 ਤਹਿਤ ਜਾਰੀ ਇੰਨ੍ਹਾਂ ਹੁਕਮਾਂ ਅਨੁਸਾਰ ਗੈਰ ਜਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ। ਹਾਲਾਂਕਿ ਜਰੂਰੀ ਗਤੀਵਿਧੀਆਂ, ਸਮਾਨ ਦੀ ਢੌਆ ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ।ਇਸੇ ਤਰਾਂ ਬੱਸ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ। ਇਸੇ ਤਰਾਂ ਸਕੂਲ, ਕਾਲਜ, ਯੁਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ।
ਪਹਿਲਾ ਹੋਏ ਹੁਕਮਾਂ ਮੁਤਾਬਿਕ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ। ਸਰਕਾਰੀ ਪ੍ਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜੀ ਥਾਂਵਾਂ ਤੇ ਪੂਰੀ ਤਰਾਂ ਵੈਕਸੀਨੇਟਡ ਸਟਾਫ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ।
ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਇਹ ਹੁਕਮ 25 ਜਨਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।






