
ਖੰਨਾ, 10 ਫ਼ਰਵਰੀ (ਪਰਮਜੀਤ ਸਿੰਘ ਧੀਮਾਨ) – ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਖੰਨਾ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਨੂੰ ਖੰਨਾ ਸ਼ਹਿਰ ਦੇ ਨਾਲ-ਨਾਲ ਹਲਕੇ ਦੇ ਪਿੰਡਾਂ ਵਿਚ ਵੀ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਗੁਰਪ੍ਰੀਤ ਸਿੰਘ ਭੱਟੀ ਵੱਲੋਂ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਪਾਰਟੀ ਵੱਲੋਂ ਪੰਜਾਬ ਦੇ ਵਿਗੜ ਚੁੱਕੇ ਸਿਸਟਮ ਨੂੰ ਸੁਧਾਰਨ ਲਈ ਲੈ ਕੇ ਆਂਦੇ 11 ਸੂਤਰੀ ਸੰਕਲਪ ਪੱਤਰ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਅੱਜ ਪਿੰਡ ਨਰੈਣਗੜ੍ਹ ਵਿਖੇ ਪਿੰਡ ਵਾਸੀਆਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਭੱਟੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਪ੍ਰਤੀ ਸਾਲ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਭਾਜਪਾ ਸਰਕਾਰ ਵੱਲੋਂ ਐਮ. ਐਸ. ਪੀ. ਦੀ ਸਿੱਧੀ ਰਾਸ਼ੀ ਕਿਸਾਨਾਂ ਦੇ ਸਿੱਧੇ ਖਾਤੇ ਵਿਚ ਪਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਕੇਂਦਰ ਸਰਕਾਰ ਵੱਲੋਂ ਹਰ ਲੋੜਵੰਦ ਪਰਿਵਾਰ ਲਈ ਰਾਸ਼ਨ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣਨ ’ਤੇ ਵਿਧਾਨ ਸਭਾ ਹਲਕਾ ਖੰਨਾ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।






