ਚੰਡੀਗੜ੍ਹ, 07 ਅਪ੍ਰੈਲ 2022: ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਕ ਵਾਰਦਾਤਾਂ ਕਾਰਨ ਸੂਬੇ ਅੰਦਰ ਬਣੇ ਦਹਿਸ਼ਤ ਦੇ ਮਾਹੌਲ ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਰਜੀਹ ਦੇ ਅਧਾਰਤੇ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ਨੂੰ ਬਿਹਤਰ ਕਰਨ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਇਥੇ ਜਾਰੀ ਬਿਆਨ ਵਿੱਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਮਹਿਜ਼ ਕੁੱਝ ਦਿਨ ਹੀ ਹੋਏ ਹਨ ਅਤੇ ਇਨ੍ਹਾਂ ਦਿਨਾਂ ਵਿੱਚ ਸੂਬੇ ਵਿੱਚ ਵਾਪਰੀਆਂ ਵੱਡੀਆਂ ਅਪਰਾਧਕ ਵਾਰਦਾਤਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜੋ ਕਿ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਬੀਤੇ ਦਿਨੀ ਪਟਿਆਲਾ ਯੂਨੀਵਰਸਿਟੀ ਦੇ ਸਾਹਮਣੇ ਨੌਜਵਾਨ ਦੀ ਗੋਲੀਆਂ ਮਾਰ ਕੇ ਅਤੇ ਪਟਿਆਲਾ ਵਿੱਚ ਹੀ ਮੰਦਰ ਵਿੱਚ ਮੱਥਾ ਟੇਕਣ ਆਏ 19 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਕੀਤੀ ਗਈ ਹੱਤਿਆ ਤੋਂ ਇਲਾਵਾ ਬੀਤ ਮਹੀਨੇ ਜਲੰਧਰ ਵਿੱਚ ਕਬੱਡੀ ਖਿਡਾਰੀ ਦੀ ਸਰੇਆਮ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਅਤੇ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਗੈਂਗਵਾਰ,ਕੱਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਸੂਬੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਸ: ਢੀਂਡਸਾ ਨੇ ਕਿਹਾ ਕਿ ਭਗਵੰਤ ਮਾਨ ਕਿਸੇ ਵੀ ਸੂਬੇ ਵਿੱਚ ਆਪਣੀ ਪਾਰਟੀ ਦੇ ਪ੍ਰਚਾਰ ਲਈ ਜਾਣ, ਸਾਨੂੰ ਇਸ ਤੇ ਕੋਈ ਇਤਰਾਜ਼ ਨਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਪਹਿਲਾ ਫਰਜ਼ ਆਪਣੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਸੂਬੇ ਵਿੱਚ ਲੁੱਟਾਂ-ਖੋਹਾਂ ਅਤੇ ਹੋਰ ਗੰਭੀਰ ਅਪਰਾਧਕ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਲਈ ਮਾਨ ਸਰਕਾਰ ਨੂੰ ਅਪਰਾਧੀਆਂ ਨੂੰ ਕਾਬੂ ਕਰਨ ਲਈ ਬਿਹਤਰ ਰਣਨੀਤੀ ਉਲੀਕਣ ਦੇ ਨਾਲ-ਨਾਲ ਸੂਬੇ ਵਿੱਚ ਪੁਲਿਸ ਦੀ ਚੌਕਸੀ ਅਤੇ ਮੁਸਤੈਦੀ ਵਧਾਉਣੀ ਚਾਹੀਦੀ ਹੈ। ਉਨ੍ਹਾਂ ਨੇ ਮਾਨ ਸਰਕਾਰ ਨੂੰ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ਨੂੰ ਬਿਹਤਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜਬੂਤ ਕਰਨ ਦੀ ਲੋੜਤੇ ਜ਼ੋਰ ਦਿੱਤਾ







