17.1 C
Chandigarh

TODAY NOW NEWS

Friday, March 20, 2026
HomeBREAKING NEWSਦੁਬਈ 'ਚ ਲਵਾਰਸ ਪਏ ਨਿਰਮਲ ਚੰਦ ਦੇ ਮ੍ਰਿਤਕ ਸਰੀਰ ਨੂੰ ਡਾ.ਓਬਰਾਏ ਦੀ...

ਦੁਬਈ ‘ਚ ਲਵਾਰਸ ਪਏ ਨਿਰਮਲ ਚੰਦ ਦੇ ਮ੍ਰਿਤਕ ਸਰੀਰ ਨੂੰ ਡਾ.ਓਬਰਾਏ ਦੀ ਬਦੌਲਤ ਨਸੀਬ ਹੋਈ ਆਪਣੀ ਮਿੱਟੀ

ਅੰਮ੍ਰਿਤਸਰ , 11 ਅਪ੍ਰੈਲ (ਹਰਜਿੰਦਰ ਸਿੰਘ ਕਤਨਾ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ ਤੇ ਜ਼ਮੀਨਾਂ ਆਦਿ ਗਹਿਣੇ ਧਰ ਕੇ ਖਾੜੀ ਮੁਲਕਾਂ ‘ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ‘ਚ ਰਹਿਬਰ ਬਣ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਸੰਧਵਾਂ ਨਾਲ ਸਬੰਧਿਤ 27 ਸਾਲਾ ਨਿਰਮਲ ਚੰਦ ਪੁੱਤਰ ਗੁਰਮੇਲ ਰਾਮ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਨਿਰਮਲ ਚੰਦ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਢਾਈ ਵਰ੍ਹੇ ਪਹਿਲਾਂ ਦੁਬਈ ਮਿਹਨਤ ਕਰਨ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਇੱਥੇ ਪੇਂਟਰ ਦਾ ਕੰਮ ਕਰਦਾ ਸੀ ਕਿ ਬੀਤੀ 2 ਫ਼ਰਵਰੀ ਨੂੰ ਉਸ ਦੀ ਕਿਸੇ ਕਾਰਨ ਇੱਕ ਉੱਚੀ ਬਿਲਡਿੰਗ ਤੋਂ ਡਿੱਗਣ ਕਰਕੇ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਦੁਬਈ ਪੁਲਿਸ ਨੇ ਭਾਰਤੀ ਦੂਤਾਵਾਸ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਉਕਤ ਨੌਜਵਾਨ ਦੀ ਪਿਛਲੇ ਦੋ ਮਹੀਨਿਆਂ ਤੋਂ ਲਾਵਾਰਿਸ ਪਈ ਮ੍ਰਿਤਕ ਦੇਹ ਸਬੰਧੀ ਉਸ ਦੇ ਵਾਰਸਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਸੀ। ਜਿਸ ਉਪਰੰਤ ਸਾਰੀ ਜਾਣਕਾਰੀ ਲੈ ਕੇ ਉਨ੍ਹਾਂ ਟਰੱਸਟ ਦੀ ਦੋਆਬਾ ਟੀਮ ਦੇ ਇੰਚਾਰਜ ਅਮਰਜੋਤ ਸਿੰਘ ਰਾਹੀਂ ਪਿੰਡ ਸੰਧਵਾਂ ਦੀ ਪੰਚਾਇਤ ਦੀ ਹਾਜ਼ਰੀ ‘ਚ ਪੀਡ਼ਤ ਪਰਿਵਾਰ ਨੂੰ ਇਸ ਅਣਹੋਣੀ ਤੋਂ ਜਾਣੂ ਕਰਵਾਇਆ ਸੀ। ਪਰਿਵਾਰ ਨਾਲ ਰਾਬਤਾ ਹੋਣ ਤੇ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਨਿਰਮਲ ਚੰਦ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਫੈਸਲਾ ਕੀਤਾ ਹੈ ਕਿ ਨਿਰਮਲ ਚੰਦ ਦੀ ਬਜ਼ੁਰਗ ਮਾਤਾ ਨੂੰ ਗੁਜ਼ਾਰੇ ਲਈ ਟਰੱਸਟ ਵੱਲੋਂ ਦੋ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਵਾਈ ਅੱਡੇ ਤੋਂ ਮ੍ਰਿਤਕ ਦੇ ਘਰ ਤੱਕ ਐਂਬੂਲੈਂਸ ਦਾ ਪ੍ਰਬੰਧ ਵੀ ਟਰੱਸਟ ਵਲੋਂ ਕੀਤਾ ਗਿਆ ਹੈ।
ਪੀਡ਼ਤ ਪਰਿਵਾਰਾਂ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੀ ਅੰਮ੍ਰਿਤਸਰ ਟੀਮ ਦੇ ਅਹੁਦੇਦਾਰ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ, ਮਨਪ੍ਰੀਤ ਸੰਧੂ ਚਮਿਆਰੀ ਤੇ ਨਵਜੀਤ ਘਈ ਚੁਗਾਵਾਂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 301 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਮ੍ਰਿਤਕ ਦੇ ਭਰਾ ਰਵੀ ਕੁਮਾਰ ਅਤੇ ਸੁਖਵਿੰਦਰ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Today Now News

RELATED ARTICLES
- Advertisment -

POPULAR POSTS