ਚੰਡੀਗਡ਼੍ਹ : ਕੋਟਕਪੂਰਾ ਗੋਲ਼ੀ ਕਾਂਡ ’ਚ ਫਸੇ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੇ ਟਰਾਇਲ ਕੋਰਟ ’ਚ ਚੱਲ ਰਹੇ ਇਸ ਕੇਸ ਦੀ 26 ਅਪ੍ਰੈਲ ਨੂੰ ਹੋਣ ਵਾਲੀ ਸੁਣਵਾਈ ਤੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਛੋਟ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਜਸਟਿਸ ਰਾਜਮੋਹਨ ਸਿੰਘ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 25 ਅਪ੍ਰੈਲ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਪਰਮਰਾਜ ਉਮਰਾਨੰਗਲ ਨੇ ਪਹਿਲਾਂ ਹੀ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ’ਚ ਜੋ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। ਹੁਣ ਇਕ ਅਰਜ਼ੀ ਦਾਖ਼ਲ ਕਰ ਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਸਰਕਾਰੀ ਹਵਾਲੇ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰਾ ਹੈ। ਅਜਿਹੇ ’ਚ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ ਤੇ ਉਨ੍ਹਾਂ ਨੂੰ ਟਰਾਇਲ ਕੋਰਟ ’ਚ ਪੇਸ਼ੀ ਤੋਂ ਛੋਟ ਦਿੱਤੀ ਜਾਵੇ। ਇਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੁੱਖ ਪਟੀਸ਼ਨ ਨਾਲ 25 ਅਪ੍ਰੈਲ ਦੁਪਹਿਰ ਦੋ ਵਜੇ ਸੁਣਵਾਈ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ।





