The need for direct sowing time. Gurmeet
ਲੰਬੀ,ਸ੍ਰੀ ਮੁਕਤਸਰ ਸਾਹਿਬ 1 ਜੂਨ
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ। ਜਿਸ ਤਹਿਤ ਰਾਜ ਦੇ 33 ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ ਹਨ। ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਤਰ ਵੱਤਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਲਈ ਵੱਡੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਸ. ਗੁਰਮੀਤ ਸਿੰਘ ਖੁੱਡੀਆ, ਐਮ.ਐਲ.ਏ.ਹਲਕਾ ਲੰਬੀ ਨੇ ਪਿੰਡ ਲੰਬੀ ਦੇ ਕਿਸਾਨ ਸ਼੍ਰੀ ਗੁਰਦਾਸ ਸਿੰਘ ਧਾਲੀਵਾਲ ਸਰਪੰਚ ਪਿੰਡ ਲੰਬੀ ਦੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਦੇ ਹੋਏ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਕਿਸਾਨਾਂ ਦੀ ਹੌਸਲਾ ਅਫ਼ਜਾਈ ਕੀਤੀ।
ਇਸ ਮੌਕੇ ਐਮ.ਐਲ.ਏ. ਸਾਹਿਬ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀ ਖਰਚੇ ਘਟਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਜਿ਼ਲ੍ਹੇ ਨੂੰ 93000 ਹੈਕ: ਦਾ ਟੀਚਾ ਪ੍ਰਾਪਤ ਹੋਇਆ ਹੈ।ਇਸ ਟੀਚੇ ਦੀ ਪ੍ਰਾਪਤ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-2 ਜਾ ਕੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਸਬੰਧ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਲਿਟਰੇਚਰ ਵੀ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਲੈਣ ਲਈ ਸਰਕਾਰ ਵਲੋਂ ਬਣਾਏ ਗਏ ਐਗਰੀ ਮਸ਼ੀਨਰੀ ਪੋਰਟਲ ਉਪਰ ਰਜਿਸਟਰ ਹੋਣਾ ਪਵੇਗਾ। ਜੇਕਰ ਇਸ ਸਬੰਧੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ ਸਰਕਲ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਕਿਸਾਨ ਸਿਖ਼ਲਾਈ ਕੈਂਪ ਦਾ ਵੀ ਆਯੋਜਨ ਕੀਤਾ, ਕੈਂਪ ਦੌਰਾਨ ਸ਼੍ਰੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦੇ ਦੱਸਦਿਆਂ ਕਿਹਾ ਕਿ ਸਿੱਧੀ ਬਿਜਾਈ ਕਰਨ ਨਾਲ ਜਮੀਨ ਹੇਠਲੀ ਸਖਤ ਤੈਅ ਨਹੀਂ ਬਣਦੀ, ਪਾਣੀ ਦੀ ਬੱਚਤ ਹੁੰਦੀ ਹੈ, ਪਾਣੀ ਦਾ ਰੀਚਾਰਜ ਵੱਧ ਹੁੰਦਾ ਹੈ, ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦਾ ਹਮਲਾ ਘੱਟ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਇਨਪੁਟਸ ਦੀ ਵਰਤੋਂ ਲੋੜ ਅਨੁਸਾਰ ਕੀਤੀ ਜਾਵੇ ਅਤੇ ਇਨਪੁਟਸ ਖਰੀਦਣ ਸਮੇਂ ਪੱਕਾ ਬਿੱਲ ਜਰੂਰ ਲਿਆ ਜਾਵੇ।
ਸ਼੍ਰੀ ਗੁਰਜੀਤ ਸਿੰਘ, ਏ.ਡੀ.ਓ. ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਸ੍ਰੀ ਮਨਮੀਤ ਸਿੰਘ ਏ.ਡੀ.ਓ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੋਰਟਲ ਉਪਰ ਰਜਿਸਟਰਡ ਹੋਣ ਲਈ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ ਸੁਖਚੈਨ ਸਿੰਘ ਏ.ਡੀ.ਓ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਕੈਂਪ ਵਿੱਚ ਕਿਸਾਨਾਂ ਨੂੰ ਲਿਟਰੇਚਰ ਵੰਡਿਆ ਗਿਆ। ਇਸ ਕੈਂਪ ਦੇ ਅਖ਼ੀਰ ਵਿੱਚ ਸ਼੍ਰੀ ਅਮਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਲੰਬੀ ਵੱਲੋਂ ਵਿਸ਼ੇਸ਼ ਤੌਰ ਤੇ ਪਹੰੁਚੇ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜ਼ੂਦ ਸਨ।




