ਬਟਾਲਾ : ਝਗਡ਼ੇ ਦੌਰਾਨ 32 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਲੈ ਕੇ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਰੋਹਿਤ ਪੁੱਤਰ ਰਮੇਸ਼ ਵਾਸੀ ਲਕਸ਼ਮੀ ਪੈਲੇਸ ਭੰਡਾਰੀ ਮੁਹੱਲਾ ਬਟਾਲਾ ਵਜੋਂ ਹੋਈ ਹੈ। ਘਟਨਾ ਵੀਰਵਾਰ ਰਾਤ ਤਕਰੀਬਨ ਸਾਢੇ ਨੌਂ ਵਜੇ ਦੀ ਹੈ। ਐਮਰਜੈਂਸੀ ਵਿਚ ਤਾਇਨਾਤ ਡਾਕਟਰਾਂ ਅਨੁਸਾਰ ਉਕਤ ਨੌਜਵਾਨ ਦੇ ਜ਼ਖਮੀ ਹੋਏ ’ਤੇ ਪਰਿਵਾਰਕ ਮੈਂਬਰ ਪਹਿਲਾਂ ਉਸ ਨੂੰ ਨਿੱਜੀ ਹਸਪਤਾਲ ਲੈ ਕੇ ਗਏ ਸਨ ਤੇ ਬਾਅਦ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ।
ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਇੰਚਾਰਜ ਟੀਪੀ ਸਿੰਘ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਪੁੱਜੇ ਤੇ ਉਨ੍ਹਾਂ ਨੇ ਸਥਿਤ ਦਾ ਜਾਇਜ਼ਾ ਲਿਆ। ਹਾਲਾਂਕਿ ਹਾਲੇ ਤਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਕੁੱਝ ਨਹੀਂ ਦੱਸਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਹਾਲੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।







