ਪਟਿਆਲਾ : ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਦੋ ਮਹੀਨਿਆਂ ਦੀਆਂ ਤਨਖਾਹਾਂ ਨਹੀਂ ਜਾਰੀ ਹੋਣ ਦੇ ਰੋਸ ਵਜੋਂ ਅੱਜ ਭੜਕੇ ਮੁਲਾਜ਼ਮਾਂ ਨੇ ਮੁੱਖ ਗੇਟ ‘ਤੇ ਵਰ੍ਹਦੇ ਮੀਂਹ ‘ਚ ਧਰਨਾ ਲਗਾ ਦਿੱਤਾ ਹੈ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬੀ ‘ਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪ੍ਰਸ਼ਾਸਨ ਤੋਂ ਦਸ ਤਰੀਕ ਤੋਂ ਪਹਿਲਾਂ ਤਨਖਾਹਾਂ ਜਾਰੀ ਕਰਨ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਤਨਖਾਹਾਂ ਮਿਲੀਆ ਨੂੰ ਦੋ ਮਹੀਨੇ ਲੰਘ ਚੁੱਕੇ ਹਨ ਪਰ ਹਾਲੇ ਤੱਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਤਨਖਾਹਾਂ ਜਾਰੀ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਧਰਨਾ ਲਗਾਇਆ ਗਿਆ ਹੈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਉਹ ਉਦੋਂ ਤੱਕ ਧਰਨਾ ਸਮਾਪਤ ਨਹੀਂ ਕਰਨਗੇ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜ਼ਮ ਗੁਰਪ੍ਰੀਤ ਸਿੰਘ ਗੁਰੀ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਲਗਾਤਾਰ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ। ਮੌਜੂਦਾ ਹਾਲਾਤ ਇਹ ਹਨ ਕਿ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀਆਂ ਮਈ ਤੇ ਜੂਨ ਮਹੀਨੇ ਦੀਆਂ ਜਿੱਥੇ ਤਨਖਾਹਾਂ ਨਹੀਂ ਜਾਰੀ ਹੋ ਸਕਣ ਉੱਥੇ ਹੀ ਜੁਲਾਈ ਮਹੀਨੇ ਦੀ ਵੀ 15 ਤਰੀਕ ਹੋ ਗਈ ਹੈ। ਤਨਖਾਹਾਂ ਨਹੀਂ ਜਾਰੀ ਹੋਣ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਤੇ ਮਾਨਸਿਕ ਤੌਰ ਤੇ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨ ਲਈ ਲੋਕਾਂ ਤੋਂ ਉਧਾਰ ਪੈਸੇ ਲੈਣੇ ਪੈ ਰਹੇ ਹਨ ਉੱਥੇ ਹੀ ਹੁਣ ਰਾਸ਼ਨ ਵਾਲੀਆਂ ਦੁਕਾਨਾਂ ਨੇ ਵੀ ਉਨ੍ਹਾਂ ਨੂੰ ਰਾਸ਼ਨ ਦੇਣਾ ਬੰਦ ਕਰ ਦਿੱਤਾ ਹੈ। ਉਧਾਰ ਦੇ ਪੈਸਿਆਂ ਦੀ ਵੀ ਦੁਕਾਨਦਾਰਾਂ ਵੱਲੋਂ ਮੰਗ ਕੀਤੀ ਜਾਰੀ ਹੈ। ਜਦੋਂ ਤੱਕ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਜਾਰੀ ਹੋ ਜਾਂਦੀਆਂ ਉਹ ਕਿਸ ਤਰ੍ਹਾਂ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਣਗੇ। ਉਨ੍ਹਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵੱਲੋਂ ਜਲਦ ਤੋਂ ਜਲਦ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਕਰਕੇ ਉਨ੍ਹਾਂ ਦੀ ਸਮੱਸਿਆ ਦੂਰ ਕੀਤੀ ਜਾਵੇ।




