ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੋਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਪਾਸੋਂ ਪ੍ਰਗਤੀ ਦਾ ਲਿਆ ਜਾਇਜ਼ਾ

ਮਾਨਸਾ, 09 ਸਤੰਬਰ: ਗੁਰਜੰਟ ਸਿੰਘ ਬਾਜੇਵਾਲੀਆ/ ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ ਅਤੇ ਇੰਤਕਾਲ ਦੇ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਸ਼ਾਨਦੇਹੀਆਂ ਨੂੰ ਪੋਰਟਲ ’ਤੇ ਅਪਲੋਡ ਕਰਨਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸੰਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਖੱਜਲ ਖੁਆਰੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਜਿਸਦੇ ਲਈ ਹਰੇਕ ਅਧਿਕਾਰੀ ਨਿਰਧਾਰਤ ਸਮੇਂ ’ਚ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਵੇ। ਉਨਾਂ ਸਾਰੇ ਰਿਕਵਰੀ ਕੇਸਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਸੇਵਾ ਕੇਂਦਰ ਵਿਚ ਬਕਾਇਆ ਦਰਖ਼ਾਸਤਾਂ ਦਾ ਕੰਮ ਵੀ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਾਸੋਂ ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਪੈਨਸ਼ਨ ਸੁਵਿਧਾ ਕੈਂਪਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਪੈਨਸ਼ਨ ਸੁਵਿਧਾ ਕੈਂਪ ਲਗਾਤਾਰਤਾ ਵਿਚ ਲਗਾਏ ਜਾਣੇ ਯਕੀਨੀ ਬਣਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ ਆਈ.ਏ.ਐਸ, ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਜੱਸਲ, ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸੁਖਰਾਜ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।





