ਟੇਬਲ ਟੈਨਿਸ ਦੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰੜ ਅਤੇ ਲੜਕਿਆਂ ਵਿੱਚ ਸੈਂਟ ਜ਼ੇਵੀਅਰ ਸਕੂਲ ਦੀ ਟੀਮ ਰਹੀ ਅਵੱਲ
ਅੰਡਰ-17 ਲੜਕੀਆਂ ਵਿੱਚ ਮਨੂ ਵਾਟਿਕਾ ਸਕੂਲ ਬੁਢਲਾਡਾ ਅਤੇ ਲੜਕਿਆਂ ਵਿੱਚ ਸੈਂਟ ਜ਼ੇਵੀਅਰ ਸਕੂਲ ਦੀ ਟੀਮ ਪਹਿਲੇ ਸਥਾਨ ’ਤੇ ਰਹੀ

ਮਾਨਸਾ, 15 ਸਤੰਬਰ : ਗੁਰਜੰਟ ਸਿੰਘ ਬਾਜੇਵਾਲੀਆ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲੇ ਅੰਦਰ ਚੱਲ ਰਹੇ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਦੀ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਵੱਲੋਂ ਵੱਡੇ ਪੱਧਰ ’ਤੇ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਉਪਕਾਰ ਸਿੰਘ ਨੇ ਦੱਸਿਆ ਕਿ 12 ਸਤੰਬਰ ਤੋਂ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲਾ ਮਾਨਸਾ ਦੇ ਖਿਡਾਰੀਆਂ ਵੱਲੋਂ ਹਰ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਣ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ’ਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਉਨਾਂ ਦੱਸਿਆ ਕਿ ਪਹਿਲੇ ਸਥਾਨ ’ਤੇ ਆਉਣ ਵਾਲਿਆਂ ਨੂੰ 10 ਹਜਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ’ਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉੱਤੇ ਆਉਣ ਵਾਲੇ ਖਿਡਾਰੀਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਏ ਟੇਬਲ ਟੈਨਿਸ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਜ਼ਿਲਾ ਖੇਡ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-14 ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰੜ ਦੀ ਟੀਮ ਨੇ ਪਹਿਲਾ ਸਥਾਨ ਅਤੇ ਡੀ.ਏ.ਵੀ. ਬੁਢਲਾਡਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸੈਂਟ ਜ਼ੇਵੀਅਰ ਸਕੂਲ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ, ਡੀ.ਏ.ਵੀ. ਸਕੂਲ ਬੁਢਲਾਡਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਰੜ ਨੇ ਤੀਜਾ ਸਥਾਨ ਹਾਸਿਲ ਕੀਤਾ।
ਉਨਾਂ ਦੱਸਿਆ ਕਿ ਅੰਡਰ-17 ਲੜਕੀਆਂ ਵਿੱਚ ਮਨੂ ਵਾਟਿਕਾ ਸਕੂਲ ਬੁਢਲਾਡਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰੜ ਨੇ ਦੂਜਾ ਅਤੇ ਡੀ.ਏ.ਵੀ. ਸਕੂਲ ਬੁਢਲਾਡਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤਰਾਂ ਅੰਡਰ-17 ਦੇ ਲੜਕਿਆਂ ਦੇ ਮੁਕਾਬਲੇ ਵਿੱਚ ਸੇਂਟ ਜ਼ੇਵੀਅਰ ਮਾਨਸਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰੜ ਨੇ ਦੂਜਾ ਅਤੇ ਡੀ.ਏ.ਵੀ. ਬੁਢਲਾਡਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।





