ਨਰਮੇ ਦੀ ਬਿਜਾਈ ਦਾ ਢੁੱਕਵਾਂ ਸਮਾਂ 15 ਮਈ ਤੱਕ ਸਿਫਾਰਿਸ਼ ਕੀਤਾ ਗਿਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਸ ਵੇਲੇ ਕਪਾਹ/ ਨਰਮੇ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ ਅਤੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵਿੱਚ ਨਰਮੇ ਦੀ ਬਿਜਾਈ ਦਾ ਢੁੱਕਵਾਂ ਸਮਾਂ 15 ਮਈ ਤੱਕ ਸਿਫਾਰਿਸ਼ ਕੀਤਾ ਗਿਆ ਹੈ। ਜਿਸ ਕਾਰਨ ਕਿਸਾਨਾਂ ਨੂੰ ਖਾਦ, ਬੀਜ, ਕੀੜੇਮਾਰ ਦਵਾਈਆਂ ਦੀ ਬਹੁਤ ਜ਼ਰੂਰਤ ਹੁੰਦੀ ਹੈ ਅਤੇ ਜੇਕਰ ਇਹ ਦੁਕਾਨਾਂ ਬੰਦ ਰਹਿੰਦੀਆਂ ਹਨ ਤਾਂ ਇਨ੍ਹਾਂ ਫਸਲਾਂ ਦੀ ਬਿਜਾਈ ਬਹੁਤ ਪ੍ਰਭਾਵਿਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਪਨੀਰੀ ਲਗਾਉਣ ਲਈ ਵੀ ਖੇਤੀ ਇੰਨਪੁਟਸ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਦੁਕਾਨਾਂ ਖੁੱਲ੍ਹੀਆਂ ਰੱਖਣੀਆਂ ਜ਼ਰੂਰੀ ਹਨ ਇਸ ਲਈ ਕਿਸਾਨੀ ਹਿੱਤਾਂ ਵਿੱਚ ਖੇਤੀ ਇਨਪੁਟਸ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਮੰਗੀ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਦੀ ਰਿਪੋਰਟ ਦੇ ਮੱਦੇਨਜ਼ਰ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ 15 ਮਈ ਸ਼ਾਮ 5 ਵਜੇ ਤੱਕ ਖੁਲ੍ਹੀਆਂ ਰੱਖਣ ਦਾ ਹੁਕਮ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਕੋਈ ਦੁਕਾਨ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਸਮੇਂ ਤੋਂ ਪਹਿਲਾਂ ਨਹੀਂ ਖੋਲ੍ਹੀ ਜਾਵੇਗੀ।
ਉਨ੍ਹਾਂ ਕਿਹਾ ਕਿ ਦੁਕਾਨਦਾਰ ਅਤੇ ਦੁਕਾਨ ’ਤੇ ਆਉਣ ਵਾਲੇ ਵਿਅਕਤੀ ਕੋਵਿਡ-19 ਦੀਆਂ ਹਦਾਇਤਾਂ ਜਿਵੇਂ ਮਾਸਕ ਪਾਉਣਾ, ਦੋ ਗਜ ਦੀ ਦੂਰੀ ਅਤੇ ਸੈਨੀਟਾਇਜ਼ਰ ਦੀ ਵਰਤੋਂ ਆਦਿ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ ਜੇਕਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਵਿੱਚ ਕੋਈ ਉਣਤਾਈ ਸਾਹਮਣੇ ਆਉਂਦੀ ਹੈ ਤਾਂ ਦੁਕਾਨਦਾਰ ਦੇ ਖਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ 2005 ਦੀਆਂ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।





