17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਾ.ਓਬਰਾਏ ਦੀ ਬਦੌਲਤ 20 ਸਾਲਾ ਤਜਿੰਦਰ ਦੇ ਮ੍ਰਿਤਕ ਸਰੀਰ ਨੂੰ ਨਸੀਬ ਹੋਈ...

ਡਾ.ਓਬਰਾਏ ਦੀ ਬਦੌਲਤ 20 ਸਾਲਾ ਤਜਿੰਦਰ ਦੇ ਮ੍ਰਿਤਕ ਸਰੀਰ ਨੂੰ ਨਸੀਬ ਹੋਈ ਆਪਣੀ ਮਿੱਟੀ

ਤਲਵੰਡੀ ਭਾਈ, 9 ਅਪ੍ਰੈਲ ( ਹਰਜਿੰਦਰ ਸਿੰਘ ਕਤਨਾ ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ ਤੇ ਜ਼ਮੀਨਾਂ ਆਦਿ ਗਹਿਣੇ ਧਰ ਕੇ ਖਾੜੀ ਮੁਲਕਾਂ ‘ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੇ ਕੱਥੂਨੰਗਲ ਨੇੜਲੇ ਪਿੰਡ ਭੋਆ ਫਤਹਿਗੜ੍ਹ ਨਾਲ ਸਬੰਧਿਤ 20 ਸਾਲਾ ਤਜਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਦਾ ਮਿ੍ਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ (ਰਾਜਾਸਾਂਸੀ) ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦੀ ਇਕਲੌਤੀ ਔਲਾਦ ਤਜਿੰਦਰ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਕਰੀਬ ਇੱਕ ਵਰ੍ਹਾ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਉੱਥੇ ਇਸ ਵੇਲੇ ਬਤੌਰ ਟਰੱਕ ਡਰਾਈਵਰ ਕੰਮ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਤਜਿੰਦਰ ਦੀ ਬੀਤੀ 30 ਮਾਰਚ ਨੂੰ ਅਚਾਨਕ ਦਿਲ ਦੀ ਧੜਕਨ ਬੰਦ ਹੋਣ ਕਾਰਨ ਆਪਣੇ ਮਾਪਿਆਂ ਤੇ ਅੰਗਹੀਣ ਭੈਣ ਨੂੰ ਰੋਂਦਿਆਂ ਕੁਰਲਾਉਂਦਿਆਂ ਛੱਡ ਗਿਆ ਸੀ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੇ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਉਕਤ ਨੌਜਵਾਨ ਦੇ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਅਪੀਲ ਕੀਤੀ ਸੀ।ਜਿਸ ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਉਕਤ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਪਿਤਾ ਜਸਪਾਲ ਸਿੰਘ ਵੀ ਪਿਛਲੇ ਦੋ ਮਹੀਨੇ ਤੋਂ ਦੁਬਈ ਵਿਖੇ ਹੀ ਰਹਿ ਰਿਹਾ ਸੀ ਜੋ ਅੱਜ ਮ੍ਰਿਤਕ ਸਰੀਰ ਦੇ ਨਾਲ ਹੀ ਦੁਬਈ ਤੋਂ ਇੱਥੇ ਪਹੁੰਚਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਫੈਸਲਾ ਕੀਤਾ ਹੈ ਕਿ ਸੁਖਬੀਰ ਦੀ ਮਾਂ ਅਤੇ ਅੰਗਹੀਣ ਭੈਣ ਨੂੰ ਟਰੱਸਟ ਵੱਲੋਂ ਹਜ਼ਾਰ-ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਮ੍ਰਿਤਕ ਦੇ ਪਿਤਾ ਦੀ ਹਵਾਈ ਟਿਕਟ ਲੈ ਕੇ ਦੇਣ ਤੋਂ ਇਲਾਵਾ ਸਮੁੱਚੀ ਕਾਗਜ਼ੀ ਕਾਰਵਾਈ ਟਰੱਸਟ ਵੱਲੋਂ ਨੇਪਰੇ ਚੜ੍ਹਾਈ ਗਈ ਹੈ ਜਦ ਕਿ ਬਾਕੀ ਖਰਚ ਪਰਿਵਾਰ ਅਤੇ ਮ੍ਰਿਤਕ ਦੀ ਕੰਮ ਵਾਲੀ ਕੰਪਨੀ ਨੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੇ ਮਨ ਨਾਲ ਦੱਸਣਾ ਪੈ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ‘ਚ ਹੀ ਉਹ 4 ਨੌਜਵਾਨਾਂ ਦੇ ਮ੍ਰਿਤਕ ਸਰੀਰ ਭਾਰਤ ਭੇਜ ਚੁੱਕੇ ਹਨ ਜਦ ਕਿ 6 ਤੋਂ 8 ਹੋਰਨਾਂ ਬਦਨਸੀਬ ਨੌਜੁਆਨਾਂ ਦੇ ਮਿ੍ਤਕ ਸਰੀਰ ਆਉਂਦੇ ਕੁਝ ਦਿਨਾਂ ‘ਚ ਪਹੁੰਚਾਏ ਜਾਣਗੇ।
ਪੀਡ਼ਤ ਪਰਿਵਾਰਾਂ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੀ ਅੰਮ੍ਰਿਤਸਰ ਟੀਮ ਦੇ ਅਹੁਦੇਦਾਰ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ, ਮਨਪ੍ਰੀਤ ਸੰਧੂ ਚਮਿਆਰੀ ਤੇ ਨਵਜੀਤ ਘਈ ਚੁਗਾਵਾਂ ਨੇ ਦੱਸਿਆ ਕਿ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 300 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ, ਚਾਚਾ ਗੁਰਪ੍ਰੀਤ ਸਿੰਘ, ਫੁੱਫੜ ਗੁਰਪ੍ਰੀਤ ਸਿੰਘ ਤੇ ਚਾਚਾ ਜੁਗਰਾਜ ਸਿੰਘ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਤਜਿੰਦਰ ਦੇ ਪਰਿਵਾਰ ਤੇ ਹੋਰਨਾਂ ਸਬੰਧੀਆਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Today Now News

RELATED ARTICLES
- Advertisment -

POPULAR POSTS