ਐਸ.ਏ.ਐਸ. ਨਗਰ, 7 ਜੂਨ – ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਓ.ਐਸ.ਟੀ. ਚਮਕੌਰ ਸਿੰਘ ਅਤੇ ਪੱਤਰਕਾਰ ਕਮਲ ਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਵਿਜੀਲੈਂਸ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਗ੍ਰਿਫ਼ਤਾਰ ਠੇਕੇਦਾਰ ਹਰਮੋਹਿੰਦਰ ਸਿੰਘ ਤੋਂ ਜੋ ਡਾਇਰੀ ਮਿਲੀ ਸੀ ਉਸ ਡਾਇਰੀ ‘ਚ ਰਿਸ਼ਵਤ ਦੇ ਪੈਸੇ ਦੇ ਲੈਣ-ਦੇਣ ਦਾ ਲੇਖਾ ਜੋਖਾ ਅਤੇ ਨਾਂਅ ਲਿਖੇ ਹੋਏ ਸਨ। ਉਧਰ ਅਦਾਲਤ ਦੇ ਬਾਹਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਝੂਠੇ ਕੇਸ ‘ਚ ਫਸਾਇਆ ਹੈ, ਉਨ੍ਹਾਂ ਦਾ ਇਸ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ।



