
ਚੰਡੀਗੜ੍ਹ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਖ਼ਬਰ ਹੈ ਕਿ ਉਸ ਦੀਆਂ ਮੁਸ਼ਕਲਾਂ ‘ਚ ਵਾਧਾ ਹੋ ਸਕਦਾ ਹੈ। ਇੱਕ ਹੋਰ ਮਾਮਲੇ ਵਿੱਚ ਉਸ ‘ਤੇ ਸ਼ਿਕੰਜਾ ਸਕਿਆ ਜਾ ਸਕਦਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਹੁਣ ਇਸ ਮਾਮਲੇ ਵਿੱਚ ਆਪਣਾ ਫੈਸਲਾ 24 ਅਗਸਤ ਨੂੰ ਸੁਣਾ ਸਕਦੀ ਹੈ। ਗੁਰਮੀਤ ਰਾਮ ਰਹੀਮ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ।
ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਸਾਧਵੀ ਬਲਾਤਕਾਰ ਮਾਮਲੇ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਅੱਜ ਪੰਚਕੂਲਾ ਅਦਾਲਤ ਵਿੱਚ ਮੁਕੰਮਲ ਹੋ ਗਈ। ਇਸ ਨਾਲ ਗੁਰਮੀਤ ਰਾਮ ਰਹੀਮ ਲਈ ਮੁਸ਼ਕਲਾਂ ਆ ਸਕਦੀਆਂ ਹਨ।
ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਤੋਂ ਬਾਅਦ ਰਣਜੀਤ ਸਿੰਘ ਕਤਲ ਕੇਸ ਵਿੱਚ ਫੈਸਲਾ ਰਾਖਵਾਂ ਰੱਖ ਲਿਆ। ਪਿਛਲੀ ਸੁਣਵਾਈ ਵਿੱਚ ਅੰਤਮ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 24 ਅਗਸਤ ਤੈਅ ਕੀਤੀ। ਇਸ ਦਿਨ ਇਸ ਮਾਮਲੇ ਵਿੱਚ ਫੈਸਲਾ ਸੀਬੀਆਈ ਅਦਾਲਤ ਵੱਲੋਂ ਸੁਣਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਦੇ ਨਾਲ ਕ੍ਰਿਸ਼ਨ ਲਾਲ , ਜਸਵੀਰ , ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਤੇ ਕ੍ਰਿਸ਼ਨਾ ਲਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ। ਮੁਲਜ਼ਮ ਅਵਤਾਰ , ਜਸਵੀਰ ਤੇ ਸਬਦੀਲ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ।
ਸੁਣਵਾਈ ਦੌਰਾਨ ਬਚਾਅ ਪੱਖ ਨੇ ਸੀਬੀਆਈ ਅਦਾਲਤ ਵਿੱਚ ਅੰਤਿਮ ਦਲੀਲਾਂ ਦੇ ਸਾਰੇ ਦਸਤਾਵੇਜ਼ ਪੇਸ਼ ਕੀਤੇ। ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਸੀਬੀਆਈ ਨੇ ਬਚਾਅ ਪੱਖ ਵੱਲੋਂ ਦਿੱਤੀਆਂ ਦਲੀਲਾਂ ‘ ਤੇ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਮੰਗਿਆ। ਸੀਬੀਆਈ ਦੇ ਵਕੀਲ ਐਚਪੀਐਸ ਵਰਮਾ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਪਣਾ ਜਵਾਬ ਦਾਇਰ ਕਰਨ ਲਈ ਕੁਝ ਸਮਾਂ ਚਾਹੁੰਦੇ ਹਨ। ਪਰ , ਸਮਾਂ ਦੇਣ ਤੋਂ ਇਨਕਾਰ ਕਰਦਿਆਂ ਅਦਾਲਤ ਨੇ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਤੇ ਅਗਲੀ ਤਰੀਕ 24 ਅਗਸਤ ਤੈਅ ਕੀਤੀ।
ਦੱਸ ਦੇਈਏ ਕਿ ਦੋਸ਼ ਹੈ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਸਿਰਸਾ ਦੇ ਪੰਜ ਮੈਂਬਰਾਂ ਅਵਤਾਰ , ਇੰਦਰ ਸੈਣੀ , ਕ੍ਰਿਸ਼ਨ ਲਾਲ , ਜਸਬੀਰ ਸਿੰਘ ਤੇ ਸਬਦੀਲ ਸਿੰਘ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਕਹਿਣ ‘ ਤੇ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ।





