ਜਿਸ ਨੌਜਵਾਨ ਦੇ ਸਿਰ ਵਿਚ ਗੋਲੀ ਲੱਗੀ, ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ

ਬਠਿੰਡਾ,( ਜਸਵਿੰਦਰ ਬਰਾੜ )- ਸ਼ੁੱਕਰਵਾਰ ਦੁਪਹਿਰ ਨੂੰ ਗੋਨਿਆਣਾ ਰੋਡ ‘ਤੇ ਸਥਿੱਤ ਨਗਰ ਸੁਧਾਰ ਟਰੱਸਟ ਦਫ਼ਤਰ ਦੇ ਸਾਹਮਣੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਗੱਡੀਆਂ ਅਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਇਕ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਨੇ ਫਿਲਮੀ ਸਟਾਇਲ ਵਿਚ ਇਕ ਲਾਲ ਰੰਗ ਦੀ ਸਕੋਡਾ ਗੱਡੀ ਨੂੰ ਘੇਰ ਕੇ ਉਸ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਹਥਿਆਰਾਂ ਨਾਲ ਲੈਸ ਹੋ ਕੇ ਆਏ ਨੌਜਵਾਨਾਂ ਨੇ ਜਿੱਥੇ ਗੱਡੀ ਵਿਚ ਸਵਾਰ ਲੋਕਾਂ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕੀਤੀ, ਉਥੇ ਬੇਸਬਾਲ ਸਮੇਤ ਹੋਰ ਤੇਜ਼ਧਾਰ ਹਥਿਆਰਾਂ ਨਾਲ ਗੱਡੀ ਦੀ ਭੰਨ-ਤੋੜ ਵੀ ਕੀਤੀ। ਇਸ ਫਾਇਰਿੰਗ ਵਿਚ ਗੱਡੀ ਵਿਚ ਸਵਾਰ ਚਾਰ ਨੌਜਵਾਨਾਂ ਵਿਚੋਂ ਇਕ ਨੌਜਵਾਨ ਦੇ ਸਿਰ ਵਿਚ ਗੋਲੀ ਲੱਗੀ ਹੈ, ਜਦੋਂ ਕਿ ਬਾਕੀ ਦੇ ਨੌਜਵਾਨ ਵੀ ਮਾਮੂਲੀ ਜ਼ਖਮੀ ਹੋ ਗਏ ਹਨ, ਸਾਰਿਆਂ ਨੂੰ ਇਲਾਜ ਲਈ ਭੁੱਚੋ ਮੰਡੀ ਸਥਿੱਤ ਆਦੇਸ਼ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਦੋਂ ਕਿ ਜਿਸ ਨੌਜਵਾਨ ਦੇ ਸਿਰ ਵਿਚ ਗੋਲੀ ਲੱਗੀ, ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਬਠਿੰਡਾ ਪੁਲਿਸ ਦੇ ਉਚ ਅਧਿਕਾਰੀਆਂ ਸਮੇਤ ਸ਼ਹਿਰ ਦੇ ਸਾਰੇ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ ਦੋਵਾਂ ਧਿਰਾਂ ਵਿਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਫਿਲਹਾਲ ਪੁਲਿਸ ਜ਼ਖਮੀ ਨੌਜਵਾਨਾਂ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕਰ ਰਹੀ ਹੈ। ਪੁਲਿਸ ਵਲੋਂ ਘਟਨਾ ਸਥਾਨ ਦੇ ਨਜਦੀਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰਕੇ ਕਥਿੱਤ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।





