ਸਿਹਤ ਵਿਭਾਗ ਨਾਲ ਕੋਵਿਡ-19 ਸਬੰਧੀ ਕੀਤੀ ਜਾਣਕਾਰੀ ਸਾਂਝੀ ।
ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸੰਭਾਲ ਲਈ ਦਿੱਤੀ ਜਾਵੇ ਤਰਜੀਹ ।
ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸਾਸ਼ਨ ਬਰਨਾਲਾ ਵੱਲੋਂ ਮੋਗਾ ਬਾਈ ਪਾਸ ’ਤੇ ਲਗਾਏ ਜਾਣ ਵਾਲੇ ਮਿੰਨੀ ਜੰਗਲ ਦਾ ਕੀਤਾ ਦੌਰਾ ।

ਬਰਨਾਲਾ (ਕਰਨਪਰੀਤ ਧੰਦਰਾਲ) : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਵੀਜ਼ਨਲ ਕਮਿਸ਼ਨਰ ਪਟਿਆਲਾ, ਸ਼੍ਰੀ ਚੰਦਰ ਗੈਂਦ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਚੱਲ ਰਹੇ ਈ-ਆਫ਼ਿਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਮੀਟਿੰਗ ਦੌਰਾਨ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਤੋਂ ਕੋਵਿਡ-19 ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਭਰ ’ਚ ਕੋਵਿਡ-19 ਤੋਂ ਸਾਵਧਾਨ ਰਹਿਣ, ਇਸ ਦੇ ਫੈਲਾਅ ਦੀ ਰੋਕਥਾਮ ਤੋਂ ਸਾਵਧਾਨੀਆਂ ਬਾਰੇ, ਸੰਪਲਿੰਗ/ਟੈਸਟਿੰਗ ਆਦਿ ਬਾਰੇ ਜਾਣਕਾਰੀ ਦਿੱਤੀ ਗਈ । ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਰੋਕਣ ਲਈ ਜਲ ਸ਼ਕਤੀ ਅਭਿਆਨ ਤਹਿਤ ਵੀ ਕਮਿਸ਼ਨਰ ਵੱਲੋਂ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ। ਜਿਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਭਰ ’ਚ ਪਾਣੀ ਦੀ ਸੰਭਾਲ ਲਈ ਸੀਚੇਵਾਲ ਮਾਡਲ ਤਹਿਤ 15 ਪ੍ਰਜੈਕਟ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 6 ਤਿਆਰ ਹੋ ਚੁੱਕੇ ਹਨ ਅਤੇ ਬਾਕੀ ਵੀ ਜਲਦ ਹੀ ਮੁਕੰਮਲ ਕਰਵਾਏ ਜਾਣਗੇ। ਕਮਿਸ਼ਨਰ ਵੱਲੋਂ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਪਾਣੀ ਦੀ ਬੱਚਤ ਕਰਨ ਲਈ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ ਆਦਿ ਤੋਂ ਬਰਸਾਤੀ ਪਾਣੀ ਦੀ ਸੰਭਾਲ ਲਈ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਇਸ ਪਾਣੀ ਦੀ ਦੁਬਾਰਾ ਵਰਤੋਂ ਕੀਤੀ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਨੂੰ ਬਚਾਇਆ ਜਾ ਸਕੇ।
ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ’ਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਧਰਤੀ ਵਿੱਚ ਹੀ ਦਬਾਉਣ, ਪਰਾਲੀ ਸਾੜਨ ਤੋਂ ਪ੍ਰਹੇਜ਼ ਕਰਨ, ਖੇਤੀਬਾੜੀ ਦੇ ਸੰਦਾਂ ਆਦਿ ’ਤੇ ਦਿੱਤੀ ਜਾਣ ਵਾਲੀ ਸਬਸਿਡੀ, ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ’ਚ ਝੋਨੇ ਦੀ ਕੀਤੀ ਗਈ ਸਿੱਧੀ ਬਿਜਾਈ, ਕਪਾਹ ਦੇ ਨਰਮੇ ਹੇਠ ਰਕਬੇ, ਕਿਸਾਨਾਂ ਵੱਲੋਂ ਕੀਤੀ ਜਾ ਰਹੀ ਮੱਕੀ ਦੀ ਕਾਸ਼ਤ ਆਦਿ ਬਾਰੇ ਜਾਣਕਾਰੀ ਮੁਹਇਆ ਕਰਵਾਈ ਗਈ। ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿਸਾਨੀ ਸਬੰਧੀ ਪਿੰਡ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਵਿੱਚ ਕਿਸਾਨਾਂ ਨੂੰ ਹੋਰ ਵੀ ਜਿਆਦਾ ਫ਼ਸਲਾਂ ਦੀ ਸਾਂਭ-ਸੰਭਾਲ ਦੇ ਤਰੀਕਿਆਂ, ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ, ਫ਼ਸਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੇ ਬਚਾਅ ਆਦਿ ਬਾਰੇ ਸਮੇਂ-ਸਮੇਂ ਅਨੁਸਾਰ ਜਾਗਰੂਕ ਕੀਤਾ ਜਾਵੇ।
ਬਰਨਾਲਾ ਵਿਖੇ ਪਹੰੁਚਣ ’ਤੇ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਧਾਨ ਬਰਨਾਲਾ ਵੱਲੋਂ ਮੋਗਾ ਬਾਈਪਾਸ ਵਿਖੇ ਬਣਾਏ ਜਾ ਰਹੇ ਮਿੰਨੀ ਜੰਗਲ ਦਾ ਦੌਰਾ ਕੀਤਾ, ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਇਸ ਕੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰਿਆਲੀ ਵਧਾਉਣ ਲਈ ਇਸ ਤਰ੍ਹਾਂ ਦੇ ਉਪਰਾਲਿਆਂ ਦੀ ਸਖ਼ਤ ਲੋੜ ਹੈ । ਉਨ੍ਹਾਂ ਕਿਹਾ ਕਿ ਹੋਰ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਇਸ ਉਪਰਾਲੇ ਤੋਂ ਸੇਧ ਲੈਣੀ ਚਾਹੀਦੀ ਹੈ ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨ (ਜਨਰਲ) ਸ਼੍ਰੀ ਆਦਿਤਿਆ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਸ਼ੋਕ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗਗਨਦੀਪ ਸਿੰਘ, ਐਸ.ਪੀ.(ਡੀ) ਸ਼੍ਰੀ ਸੁਖਦੇਵ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾ ਦੇ ਮੁਖੀ ਮੌਜੂਦ ਸਨ ।






