ਖੰਨਾ, 2 ਅਪ੍ਰੈਲ (ਪਰਮਜੀਤ ਸਿੰਘ ਧੀਮਾਨ) – ਸ਼ਹਿਰ ਦੇ ਮੁੱਖ ਬਜ਼ਾਰਾਂ ਤੇ ਜੀ. ਟੀ. ਰੋਡ ’ਤੇ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਜਾਇਜ਼ ਕਬਜ਼ੇ ਨਗਰ ਕੌਂਸਲ ਦੇ ਤਹਿ ਬਜ਼ਾਰੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਚੁੱਕਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਉੱਭੀ ਨੇ ਕਿਹਾ ਕਿ ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚ ਦੁਕਾਨਦਾਰਾਂ ਵੱਲੋਂ ਆਪਣਾ ਸਮਾਨ ਦੁਕਾਨ ਅੱਗੇ ਰੱਖਣ ਕਾਰਨ ਆਮ ਲੋਕਾਂ ਨੂੰ ਆਉਣ ਜਾਣ ਵਿਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪ੍ਰਤੂੰ ਦੁਕਾਨਦਾਰ ਚੇਤਾਵਨੀ ਦੇਣ ਦੇ ਬਾਵਜੂਦ ਵੀ ਸਮਾਨ ਰੱਖਣ ਤੋਂ ਨਹੀਂ ਹਟੇ। ਜਿਸ ਕਾਰਨ ਅੱਜ ਕੌਂਸਲ ਦੇ ਜੂਨੀਅਰ ਇੰਜੀਨੀਅਰ ਅਮਰਜੀਤ ਸਿੰਘ ਦੀ ਅਗਵਾਈ ਹੇਠਾਂ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਜ਼ਬਤ ਕੀਤਾ ਗਿਆ। ਇਸ ਮੌਕੇ ਕਈ ਦੁਕਾਨਦਾਰਾਂ ਨੇ ਮੁਲਾਜ਼ਮਾਂ ਨਾਲ ਬਹਿਸ ਕਰਦੇ ਵੀ ਨਜ਼ਰ ਆਏ, ਪ੍ਰਤੂੰ ਉਨ੍ਹਾਂ ਦੀ ਇਕ ਨਾ ਸੁਣੀ ਗਈ। ਉਨ੍ਹਾਂ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਦੁਕਾਨਦਾਰ ਆਪਣਾ ਸਮਾਨ ਦੁਕਾਨ ਦੇ ਬਾਹਰ ਰੱਖੇਗਾ, ਉਸ ਨੂੰ ਜ਼ਬਰ ਕਰਕੇ ਭਾਰੀ ਜੁਰਮਾਨੇ ਵੀ ਕੀਤੇ ਜਾਣਗੇ। ਇਸ ਮੌਕੇ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।






