
ਸੁਲਤਾਨਪੁਰ ਲੋਧੀ, ( ਨਿਰਮਲ ਸਿੰਘ ) ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਦਿੱਲੀ ਕਟੜਾ ਅਤੇ ਬਠਿੰਡਾ ਜਾਮਨਗਰ ਐਕਸਪ੍ਰੈਸਵੇਅ ਦੌਰਾਨ ਐਕਵਾਇਰ ਕੀਤੀ ਗਈ ਕਿਸਾਨਾਂ ਦੀ ਜ਼ਮੀਨ ਦਾ ਮੁੱਲ ਘੱਟ ਦੇਣ ਦੇ ਰੋਸ ਵਜੋਂ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵੱਡੀ ਗਿਣਤੀ ਚ ਪ੍ਰਭਾਵਿਤ ਕਿਸਾਨਾਂ ਨੇ ਹਦੀਰਾ ਵਿਖੇ ਮੀਟਿੰਗ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੋਲਦਿਆਂ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਅਤੇ ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ ਆਦਿ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਵੱਲੋਂ ਐਕਵਾਇਰ ਕੀਤੀ ਗਈ ਜ਼ਮੀਨ ਦਾ ਬਹੁਤ ਘੱਟ 20 ਤੋਂ 25 ਲੱਖ ਰੁਪਏ ਮੁਆਵਜ਼ਾ ਦੇ ਰਹੀ ਹੈ ਜਦ ਕਿ ਪਿਛਲੇ ਸਮੇਂ ਵਿੱਚ ਬਠਿੰਡੇ ਵਿੱਚ ਇਕ ਕਰੋੜ ਤੋਂ ਵੀ ਵੱਧ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿਚ ਵੱਡੀ ਗਿਣਤੀ ਚ ਕਿਸਾਨਾਂ ਕੋਲ ਦੋ ਤੋਂ ਪੰਜ ਏਕੜ ਜ਼ਮੀਨ ਹੈ ਅਤੇ ਜੇਕਰ ਉਨ੍ਹਾਂ ਦੀ ਇਹ ਜ਼ਮੀਨ ਐਕਸਪ੍ਰੈੱਸ ਵੇਅ ਵਿੱਚ ਆ ਜਾਂਦੀ ਹੈ ਤਾਂ ਸਰਕਾਰ ਵੱਲੋਂ ਦਿੱਤੇ ਗਏ ਮੁਆਵਜ਼ੇ ਨਾਲ ਉਹ ਹੋਰ ਬਰਾਬਰ ਜ਼ਮੀਨ ਨਹੀਂ ਖਰੀਦ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਸਿੱਧੇ ਤੌਰ ਤੇ ਕਿਸਾਨਾਂ ਦਾ ਉਜਾੜਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਧੋਖਾ ਕਰ ਰਹੀ ਹੈ ਕਿਉਂਕਿ ਉਨ੍ਹਾਂ ਦੀ ਨੀਤੀ ਕਿਸਾਨਾਂ ਨੂੰ ਮਾਰਨ ਲਈ ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਏ ਜਾਣ ਵਾਲੇ ਐਕਸਪ੍ਰੈੱਸ ਵੇਅ ਦਾ ਲਾਭ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਹੀ ਹੈ, ਨਾ ਕਿ ਕਿਸਾਨਾਂ ਜਾਂ ਕਿਸੇ ਹੋਰ ਨੂੰ ਹੈ। ਉਨ੍ਹਾਂ ਸਰਕਾਰਾਂ ਪਾਸੋਂ ਮੰਗ ਕੀਤੀ ਕਿ ਐਕਸਪ੍ਰੈਸ ਵੇਅ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਬਣਦਾ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਆਪਣੀ ਜ਼ਮੀਨ ਵਿੱਚ ਕਿਸੇ ਨੂੰ ਸਰਕਾਰ ਦੇ ਨੁਮਾਇੰਦੇ ਨੂੰ ਪੈਰ ਨਹੀਂ ਰੱਖਣ ਦੇਣਗੇ। ਇਸ ਮੌਕੇ ਪ੍ਰਧਾਨ ਪ੍ਰਭਦਿਆਲ ਸਿੰਘ, ਮੀਤ ਪ੍ਰਧਾਨ ਬਖਸ਼ੀਸ਼ ਸਿੰਘ, ਤਰਸੇਮ ਸਿੰਘ, ਹਰਿੰਦਰ ਸਿੰਘ, ਭਜਨ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ ਮੀਰੇ, ਸਾਧੂ ਸਿੰਘ ਜੌਸ਼ਨ, ਭਜਨ ਸਿੰਘ, ਅਮਰਜੀਤ ਸਿੰਘ ਟਿੱਬਾ, ਜਸਵਿੰਦਰ ਕੌਰ ਟਿੱਬਾ, ਨਿਰਮਲ ਸਿੰਘ ਗਿੱਲਾ, ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ।




