ਸੁਲਤਾਨਪੁਰ ਲੋਧੀ, 3 ਅਪ੍ਰੈਲ 2022 (ਨਿਰਮਲ ਸਿੰਘ)
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ।
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ ‘ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ।
ਇਸੇ ਲੜੀ ਦੇ ਤਹਿਤ ਅੱਜ ਇੱਥੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਏ ਐਸ ਆਈ ਗੁਰਦੇਵ ਸਿੰਘ ਨੂੰ ਸੀਐਮ ਭਗਵਾਨ ਮਾਨ ਵਲੋਂ ਵਧਾਈ ਪੱਤਰ ਭੇਜਿਆ ਗਿਆ। ਤੁਹਾਨੂੰ ਦੱਸ ਦਈਏ ਕਿ ਏ ਐਸ ਆਈ ਗੁਰਦੇਵ ਸਿੰਘ ਸਬ ਡਵੀਜ਼ਨ ਦੇ ਪਹਿਲੇ ਥਾਣੇਦਾਰ ਹਨ ਜਿਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਹੈ।

ਜਿਸ ਵਿੱਚ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਵੱਲੋਂ ਸਾਂਝੇ ਤੌਰ `ਤੇ ਹਸਤਾਖ਼ਰ ਕੀਤੇ ਗਏ ਹਨ ਅਤੇ ਗੁਰਦੇਵ ਸਿੰਘ ਨੂੰ ਲਿਖਿਆ ਗਿਆ ਹੈ, “ਅੱਜ ਤੁਹਾਡੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।”
ਜਿਕਰਯੋਗ ਹੈ ਕਿ ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਹੁੱਕਮ ਦਿੱਤੇ ਸਨ। ਜਿਸਦੇ ਤਹਿਤ ਅੱਜ ਐਸਐਸਪੀ ਕਪੂਰਥਲਾ ਦਯਾਮਾ ਹਰੀਸ਼ ਓਮ ਪ੍ਰਕਾਸ਼ ਅਤੇ ਡੀ ਐਸ ਪੀ ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੇ ਐਸਐਚਓ ਬਿਕਰਮ ਸਿੰਘ ਵੱਲੋ ਇਹ ਪੱਤਰ ਗੁਰਦੇਵ ਸਿੰਘ ਨੂੰ ਸਪੁਰਦ ਕੀਤਾ ਗਿਆ ਹੈ।
ਇਸ ਮੌਕੇ ਐਸ ਐਚ ਓ ਬਿਕਰਮ ਸਿੰਘ ਨੇ ਕਿਹਾ ਕਿ ਸਰਕਾਰ ਦੀ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ।
ਇਸ ਖੁਸ਼ੀ ਮੌਕੇ ਪੁਲਿਸ ਸਟੇਸ਼ਨ ਦੇ ਸਟਾਫ਼ ਵੱਲੋਂ ਏਐਸਆਈ ਗੁਰਦੇਵ ਸਿੰਘ ਦਾ ਜਨਮਦਿਨ ਮਨਾਇਆ ਗਿਆ ਅਤੇ ਗੁਰਦੇਵ ਸਿੰਘ ਵੱਲੋਂ ਮੁੱਖ ਮੰਤਰੀ ਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।






