
ਚੰਡੀਗੜ੍ਹ,22 ਮਾਰਚ:- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸਾਬਕਾ ਵਿਰੋਧੀ ਧਿਰ ਦੇ ਨੇਤਾ ਰਹਿਣ ਵਾਲੇ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾ ਕੇ ਇੱਕ ਵਾਰ ਫਿਰ ਤੋਂ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਦੱਸ ਦਈਏ ਕਿ ਅੱਜ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ ਤੇ ਸਥਿਤ ਆਪਣੇ ਦਫਤਰ ਦਾ ਕਾਰਜਭਾਰ ਸੰਭਾਲ ਲਿਆ ਹੈ। ਉਹ ਪੰਜਾਬ ਦਾ ਖਜ਼ਾਨਾ ਸੰਭਾਲਣ ਵਾਲੇ ਪਹਿਲੇ ਦਲਿਤ ਆਗੂ ਵੀ ਬਣ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੂੰ ਯੋਜਨਾ, ਪ੍ਰੋਗਰਾਮ ਲਾਗੂ ਕਰਨ, ਆਬਕਾਰੀ ਤੇ ਕਰ ਵਿਭਾਗ ਅਤੇ ਸਹਿਕਾਰਤਾ ਮੰਤਰੀ ਵਜੋਂ ਵੀ ਜਿੰਮੇਵਾਰੀ ਸੌਂਪੀ ਗਈ ਹੈ। ਦੱਸ ਦਈਏ ਕਿ ਹਰਪਾਲ ਸਿੰਘ ਚੀਮਾ ਨੂੰ ਆਮ ਆਦਮੀ ਪਾਰਟੀ ਵੱਲੋਂ 2018 ਦੌਰਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ ਸੀ। ਹਰਪਾਲ ਚੀਮਾ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੀ ਸੇਵਾ ਵਿੱਚ ਵੀ ਜੁਟੇ ਰਹੇ ਸਨ। ਇਸ ਦੇ ਨਾਲ ਹੀ ਭਗਵੰਤ ਮਾਨ ਵੱਲੋਂ ਕੈਬਨਿਟ ਦੇ ਗਠਨ ਤੋਂ ਪਹਿਲਾਂ ਇਹ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਹਰਪਾਲ ਚੀਮਾ ਨੂੰ ਉੱਪ ਮੁੱਖ ਮੰਤਰੀ ਬਣਾਉਣ ਜਾ ਰਹੀ ਹੈ। ਇਹ ਕਿਆਸਰਾਈਆਂ ਇਸ ਲਈ ਲੱਗ ਰਹੀਆਂ ਸਨ ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸੇ ਦਲਿਤ ਆਗੂ ਨੂੰ ਪੰਜਾਬ ਦਾ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ। ਬੇਸ਼ੱਕ ਉਹਨਾਂ ਨੂੰ ਪੰਜਾਬ ਦਾ ਉੱਪ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਹੈ ਪਰ ਉਹਨਾਂ ਨੂੰ ਕੈਬਨਿਟ ਵਿੱਚ ਸਭ ਤੋਂ ਮਹੱਤਵਪੂਰਨ ਮੰਨੇ ਜਾਣ ਵਾਲੇ ਮਹਿਕਮਿਆਂ ਦੀ ਜਿੰਮੇਵਾਰੀ ਸੰਭਾਲ ਕੇ ਆਮ ਆਦਮੀ ਪਾਰਟੀ ਨੇ ਉਹਨਾਂ ਦੀ ਕਾਬਲਿਅਤ ਤੇ ਇਕ ਵਾਰ ਫਿਰ ਤੋਂ ਭਰੋਸਾ ਜਤਾਇਆ ਹੈ।




