ਬਰਮਿੰਘਮ, : ਬਰਮਿੰਘਮ ਦੇ ਇਕ ਘਰ ਵਿੱਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਧਮਾਕੇ ਕਾਰਨ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਧਮਾਕੇ ‘ਚ ਲੋਕਾਂ ਦੇ ਮਾਰੇ ਜਾਣ ਦਾ ਵੀ ਖਦਸ਼ਾ ਹੈ ਪਰ ਇਸ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਦਿੱਤੀ ਗਈ ਹੈ। ਧਮਾਕੇ ਕਾਰਨ ਨੇੜਲੇ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ।

ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ‘ਚ ਇਹ ਕਹਿਣਾ ਮੁਸ਼ਕਿਲ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ, ਵੈਸਟ ਮਿਡਲੈਂਡਜ਼ ਪੁਲਿਸ ਨੇ ਪੋਸਟ ਕੀਤਾ ਕਿ ਧਮਾਕੇ ਤੋਂ ਬਾਅਦ ਸਾਰੀਆਂ ਐਮਰਜੈਂਸੀ ਸੇਵਾਵਾਂ ਘਟਨਾ ਸਥਾਨ ‘ਤੇ ਹਨ। ਧਮਾਕੇ ਕਾਰਨ ਇਕ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ, ਜਦਕਿ ਦੂਜੇ ਨੂੰ ਕਾਫੀ ਨੁਕਸਾਨ ਪਹੁੰਚਿਆ। ਹਾਦਸੇ ਵਿੱਚ ਮਾਰੇ ਗਏ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਪੁਲਿਸ ਨੇ ਆਮ ਲੋਕਾਂ ਨੂੰ ਦਿਨ ਵੇਲੇ ਇਸ ਇਲਾਕੇ ਵਿੱਚ ਆਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ ਅਤੇ ਹਰ ਕੋਈ ਸਖ਼ਤ ਮਿਹਨਤ ਕਰ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਦੁਰਘਟਨਾ ਨਾਲ ਜੁੜੀਆਂ ਤਸਵੀਰਾਂ ਆਨਲਾਈਨ ਪੋਸਟ ਨਾ ਕਰਨ ਦੀ ਅਪੀਲ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਖੇਤਰ ਵਿੱਚ ਰਹਿੰਦੇ ਹੋ, ਤਾਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਹਾਦਸੇ ਸਬੰਧੀ ਕੋਈ ਵੀ ਅਹਿਮ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਜਾਵੇਗੀ।



