ਚੰਡੀਗੜ, 12 ਅਪਰੈਲ:
ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਫੰਡਾਂ ਦੀ ਤਰਕਸੰਗਤ ਵੰਡ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਮਿ੍ਰਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਖਜਾਨੇ ਦੀ ਬੱਚਤ ਦੇ ਨਾਲ-ਨਾਲ ਲੋੜਵੰਦਾਂ ਅਤੇ ਅਸਲ ਲਾਭਪਾਤਰੀਆਂ ਲਈ ਇਨਾਂ ਸਕੀਮਾਂ ਤਹਿਤ ਨਿਰਪੱਖ ਢੰਗ ਨਾਲ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੀਆਂ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ 1,27,643 ਮਿ੍ਰਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਵਸੂਲੀ ਕਰਕੇ ਇਹ ਰਕਮ ਸਰਕਾਰੀ ਖਜਾਨੇ ਵਿੱਚ ਜਮਾ ਕਰਵਾ ਦਿੱਤੀ ਹੈ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗਾਂ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ 28.85 ਲੱਖ ਲਾਭਪਾਤਰੀਆਂ ਨੂੰ ਹਰ ਮਹੀਨੇ 432.75 ਕਰੋੜ ਰੁਪਏ ਦੀ ਪੈਨਸਨ ਦਿੱਤੀ ਜਾ ਰਹੀ ਹੈ। ਉਨਾਂ ਅੱਗੇ ਦੱਸਿਆ ਕਿ ਕੁੱਲ 19,47,427 ਬੁਢਾਪਾ ਪੈਨਸ਼ਨਰ, 5,38,010 ਵਿਧਵਾਵਾਂ ਜਾਂ ਬੇਸਹਾਰਾ ਮਹਿਲਾਵਾਂ, 1,75,135 ਬੇਸਹਾਰਾ ਬੱਚੇ ਅਤੇ 2,24,513 ਦਿਵਿਆਂਗ ਵਿਅਕਤੀ ਆਪਣੀ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ।
ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਇਨਾਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬਜਟ ਵਜੋਂ 4420.70 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਨਾਂ ਵਿੱਚੋਂ 4353.64 ਕਰੋੜ ਰੁਪਏ ਕੁੱਲ 28,85,085 ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ।




