ਚੰਡੀਗੜ੍ਹ

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਬੇਸ਼ਕ ਪੰਜਾਬ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ਼ ਹੁੰਦੇ ਕੰਮਾਂ ਉੱਤੇ ਰੋਕ ਲਗਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਧਰ ਦੂਜੇ ਪਾਸੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੰਨੀ ਸਰਕਾਰ ਦੀ ਇਹ ਐਕਟੀਵਿਟੀ ਰਾਸ ਨਹੀਂ ਆ ਰਹੀ ਹੈ। ਖ਼ੈਰ, ਪੰਜਾਬ ਸਰਕਾਰ ਦੀਆਂ ਹੁਣ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੱਲ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਉਹ ਸਿਆਸੀ ਬਦਲਾਖੋਰੀ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੇ ਹਨ। ਇਹ ਪਟੀਸ਼ਨ ਨਿਊ ਦੀਪ ਬੱਸ ਸਰਵਿਸ ਦੇ ਭਾਈਵਾਲ ਹਰਦੀਪ ਸਿੰਘ ਢਿੱਲੋਂ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿਚ ਰੂਟ ਪਰਮਿਟ ਰੱਦ ਕਰਨ ’ਤੇ ਇਤਰਾਜ਼ ਜਤਾਇਆ ਗਿਆ ਹੈ। ਪੰਜਾਬ ਸਰਕਾਰ ਨੇ ਟੈਕਸ ਨਾ ਭਰਨ ਕਾਰਨ ਉਨ੍ਹਾਂ ਦੀ ਬੱਸ ਕੰਪਨੀ ਦੇ ਪਰਮਿਟ ਰੱਦ ਕਰ ਦਿੱਤੇ ਹਨ| ਦੱਸਣਯੋਗ ਹੈ ਕਿ ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਿੰਪੀ ਢਿੱਲੋਂ ਅਤੇ ਰਾਜਾ ਵੜਿੰਗ ਵਿੱਚ ਕਾਫ਼ੀ ਸਮੇਂ ਤੋਂ ਸਿਆਸੀ ਜੰਗ ਚੱਲ ਰਹੀ ਹੈ ਤੇ ਇਸੇ ਅਕਾਲੀ ਆਗੂ ਦੀਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ| ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਬੈਂਚ ਨੇ ਪੰਜਾਬ ਰਾਜ ਅਤੇ ਟਰਾਂਸਪੋਰਟ ਵਿਭਾਗ ਨੂੰ ਵੀ ਨੋਟਿਸ ਜਾਰੀ ਕੀਤਾ ਹੈ। –




