
ਬਠਿੰਡਾ 31 ਜੁਲਾਈ (ਹਰਮਿੰਦਰ ਸਿੰਘ ਅਵਿਨਾਸ਼)ਅੱਜ ਤਲਵੰਡੀ ਸਾਬੋ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਆਗੂਆਂ ਦੇ ਵਿਰੋਧ ਕਰਨ ਦੇ ਸੱਦੇ ਤਹਿਤ ਤਲਵੰਡੀ ਸਾਬੋ ਵਿਖੇ ਵਿਜੈ ਸਾਂਪਲਾ ਦੇ ਲੰਘਣ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਨਾਲ ਲੈ ਕੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਵਿਰੋਧ ਕਰ ਦਿੱਤਾ ਜਿਸ ਤੇ ਪੁਲਸ ਪ੍ਰਸ਼ਾਸਨ ਮੌਕੇ ਤੇ ਪੁੱਜ ਗਈ ਉਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਕਿਸਾਨਾਂ ਨੂੰ ਸ਼ਾਂਤ ਕਰਨ ਦੇ ਲਈ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਨੇ ਡਟਵਾਂ ਵਿਰੋਧ ਕੀਤਾ ਤੇ ਬਾਅਦ ਵਿਚ ਥਾਣਾ ਚੌਕ ਵਿਚ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨਾਂ ਨੇ ਭਾਜਪਾ ਆਗੂਆਂ ਤੇ ਪੁਲਸ ਪ੍ਰਸ਼ਾਸਨ ਦਾ ਵਿਰੋਧ ਕਰਦਿਆਂ ਧਰਨਾ ਲਗਾ ਦਿੱਤਾ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਬਿੰਦਰ ਸਿੰਘ ਜੋਗੇਵਾਲਾ ਨੇ ਦੱਸਿਆ ਕਿ
ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਕਿਸਾਨਾਂ ਤੇ ਧੱਕੇ ਨਾਲ ਥੋਪੇ ਜਾ ਰਹੇ ਤਿੰਨ ਕਾਲੇ ਕਾਨੂੰਨਾਂ , ਬਿਜਲੀ ਸੋਧ ਬਿੱਲ 2020, ਪਰਾਲੀ ਸਾੜਨ ਤੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਸਜ਼ਾਵਾਂ ਦੇ ਬਿੱਲਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਦੇ ਆਗੂਆਂ ਦੇ ਵਿਰੋਧ ਦਾ ਸੱਦਾ ਦਿੱਤਾ ਹੋਇਆ ਹੈ । ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਲਵੰਡੀ ਸਾਬੋ ਵਿਖੇ ਭਾਜਪਾ ਆਗੂ ਵਿਜੈ ਸਾਂਪਲਾ ਦੇ ਆਉਣ ਤੇ ਉਸ ਦਾ ਨਾਅਰੇਬਾਜ਼ੀ ਕਰ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ । ਵਿਰੋਧ ਕਰਨ ਲਈ ਤਲਵੰਡੀ ਸਾਬੋ ਬਲਾਕ ਦੇ ਆਗੂਆਂ ਬਿੰਦਰ ਸਿੰਘ ਜੋਗੇਵਾਲਾ , ਰਾਜਬੀਰ ਸਿੰਘ ਢਿੱਲੋਂ ,ਤਰਸੇਮ ਸਿੰਗਲਾ ,ਕਾਲਾ ਸਿੰਘ ਚੱਠੇਵਾਲਾ ਅਤੇ ਕੁਲਵਿੰਦਰ ਸਿੰਘ ਗਿਆਨਾ ਸਮੇਤ ਪਹੁੰਚੇ ਕਿਸਾਨਾਂ ਦੀ ਤਲਵੰਡੀ ਸਾਬੋ ਪੁਲਸ ਵੱਲੋਂ ਲਾਠੀਚਾਰਜ ਕਰਕੇ ਖਿੱਚ ਧੂਹ ਕੀਤੀ ਗਈ ਜਿਸ ਦੌਰਾਨ ਭਾਜਪਾ ਆਗੂ ਦੇ ਨਾਲ ਨਾਲ ਤਲਵੰਡੀ ਸਾਬੋ ਪੁਲਸ ਪ੍ਰਸ਼ਾਸਨ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ । ਬਲਾਕ ਪ੍ਰਧਾਨ ਬਿੰਦਰ ਸਿੰਘ ਜੋਗੇਵਾਲਾ ਨੇ ਕਿਹਾ ਕਿ ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਦਾ ਵੀ ਭਾਜਪਾ ਆਗੂ ਦਾ ਸ਼ਾਂਤਮਈ ਵਿਰੋਧ ਕਰਨ ਵਾਲੇ ਕਿਸਾਨਾਂ ਦੀ ਖਿੱਚ ਧੂਹ ਕਰਨ ਨਾਲ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਜਾਂ ਰਾਜ ਸਰਕਾਰ ਜਿੰਨਾ ਮਰਜ਼ੀ ਸਖ਼ਤੀ ਕਰ ਲਵੇ ਭਾਜਪਾ ਆਗੂਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਤੌਰ ਤੇ ਵੜਨ ਨਹੀਂ ਦਿੱਤਾ ਜਾਵੇਗਾ ।






