ਮਹਾਂ ਸੰਮੇਲਨ ਨੂੰ ਸੰਬੋਧਨ ਕਰਨ ਲਈ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਜੀ ਪਹੁੰਚ ਰਹੇ ਹਨ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਆਮ ਆਦਮੀ ਪਾਰਟੀ ਜਿਲ੍ਹਾ ਮਾਨਸਾ ਦੇ ਸੀਨੀਅਰ ਯੂਥ ਆਗੂ ਸ਼ਿੰਗਾਰਾ ਖਾਨ ਜਵਾਹਰਕੇ ਨੇ ਗੱਲ਼ਬਾਤ ਕਰਦਿਆਂ ਕਿਹਾ ਕਿ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਰਵਾਏ ਜਾ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਸੰਬੋਧਨ ਕਰਨ ਲਈ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਜੀ ਪਹੁੰਚ ਰਹੇ ਹਨ। ਉੱਥੇ ਹੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸੀਨੀਅਰ ਲੀਡਰਸ਼ਿਪ ਵੀ ਵਿਚਾਰ ਰੱਖੇਗੀ। ਉਹਨਾਂ ਕਿਹਾ ਕਿ ਮਹਾਂ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਹਰ ਵਰਗ ਦੇ ਲੋਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਲਈ ਉਹਨਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿਸਾਨ ਸੰਮੇਲਨਾਂ ਰਾਹੀਂ ਭਾਰਤ ਵਿੱਚ ਲੋਕਾਂ ਨੂੰ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਪਹੁੰਚਣ ਲਈ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਨੂੰ ਝੁਕਾ ਕੇ ਕਿਸਾਨੀ ਅੰਦੋਲਨ ਦੀ ਜਿੱਤ ਹੋ ਸਕੇ। ਸ਼ਿੰਗਾਰਾ ਖਾਨ ਜਵਾਹਰਕੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਹਰ ਵਰਗ ਦਾ ਵਿਅਕਤੀ ਕਿਸਾਨੀ ਅੰਦੋਲਨ ਦਾ ਸਾਥ ਦੇਣ ਲਈ ਅੱਗੇ ਆ ਰਿਹਾ ਹੈ। ਉਨ੍ਹਾਂ ਕਿਹਾ 21 ਮਾਰਚ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਯੂਥ ਵਿੰਗ ਦਾ ਅਹਿਮ ਰੋਲ ਹੋਵੇਗਾ। ਇਸ ਮੌਕੇ ਹਰਜੀਤ ਸਿੰਘ ਦੰਦੀਵਾਲ, ਗੁਰਪ੍ਰੀਤ ਸਿੰਘ ਭੁੱਚਰ, ਅੰਮ੍ਰਿਤ ਧੀਮਾਨ, ਮਿੰਟੂ ਮਾਨਸਾ, ਸੁਖਵਿੰਦਰ ਖੋਖਰ, ਰਮਨ ਮਾਨਸ਼ਾਹੀਆ ਆਦਿ ਹਾਜਰ ਸਨ।






