ਜ਼ਿਲ੍ਹਾ ਵਾਸੀ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ਹਿਯੋਗ ਕਰਨ : ਮਹਿੰਦਰ ਪਾਲ
ਫੇਸਬੁੱਕ ਪੇਜ਼ ਦੇ ਸਿੱਧੇ ਪ੍ਰਸਾਰਣ ਰਾਹੀਂ ਡਿਪਟੀ ਕਮਿਸ਼ਨਰ ਹੋਏ ਜ਼ਿਲ੍ਹਾ ਵਾਸੀਆਂ ਦੇ ਰੂਬਰੂ, 24 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਗਲਤ ਅਨਸਰਾਂ ਵੱਲੋਂ ਕੋਰੋਨਾ ਦੀ ਸੈਂਪਲਿੰਗ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਜ਼ਿਲ੍ਹਾ ਵਾਸੀ ਸੁਚੇਤ ਰਹਿਣ ਅਤੇ ਲੋਕਾਂ ਨੂੰ ਅਜਿਹੇ ਵਿਅਕਤੀਆਂ ਦੀਆਂ ਗੱਲਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ ਸਗੋਂ ਅਜਿਹੇ ਵਿਅਕਤੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਨੀ ਚਾਹੀਦੀ ਹੈ, ਤਾਂ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ ਤੋਂ ਸਿੱਧੇ ਪ੍ਰਸਾਰਣ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਕੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਕੇਸ ਵੀ ਰਜਿਸਟਰਡ ਕੀਤੇ ਗਏ ਹਨ ਅਤੇ ਅੱਗੇ ਤੋਂ ਵੀ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਰੋਨਾ ਸਬੰਧੀ ਕੀਤੀ ਜਾ ਰਹੀ ਜਾਂਚ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸੈਂਪਲਿੰਗ ਦਾ ਕੋਈ ਨੁਕਸਾਨ ਨਹੀਂ ਹੈ ਸਗੋਂ ਫਾਇਦਾ ਹੀ ਹੈ ਕਿਉਂਕਿ ਸਮਾਂ ਰਹਿੰਦਿਆਂ ਹੀ ਇਸ ਬਿਮਾਰੀ ਦੇ ਜ਼ਿਆਦਾ ਫੈਲਣ ਤੋਂ ਬਚਾਅ ਹੋ ਜਾਂਦਾ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਡੇ ਪੱਧਰ ‘ਤੇ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ ੨੪,988 ਸ਼ੱਕੀ ਵਿਅਕਤੀਆਂ ਦੇ ਸੈਂਪਲ ਕੀਤੇ ਜਾ ਚੁੱਕੇ ਹਨ ਅਤੇ 649 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ । ਉਨ੍ਹਾਂ ਦੱਸਿਆ ਕਿ 400 ਵਿਅਕਤੀ ਸਿਹਤਯਾਬ ਹੋ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ ਹੁਣ ਜ਼ਿਲ੍ਹੇ ਅੰਦਰ 237 ਐਕਟਿਵ ਕੇਸ ਹਨ । ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੂੰ ਕੋਈ ਲੱਛਣ ਨਹੀਂ ਹੈ ਅਤੇ ਉਹ ਕੋਰੋਨਾ ਪਾਜ਼ਿਟਿਵ ਆ ਜਾਂਦੇ ਹਨ ਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਘਰ ਵਿੱਚ ਇਕਾਂਤਵਾਸ ਦੀ ਸੁਵਿਧਾ ਵੀ ਦਿੱਤੀ ਗਈ ਹੈ ਜਿਸ ਦੀ ਪ੍ਰਕ੍ਰਿਆ ਕਾਫ਼ੀ ਆਸਾਨ ਕਰ ਦਿੱਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਕੋਰੋਨਾ ਮਰੀਜ਼ਾਂ ਲਈ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਵੀ ਕਾਫ਼ੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਖਾਣ-ਪੀਣ ਲਈ ਸਾਫ਼-ਸੁਥਰਾ ਖਾਣਾ ਅਤੇ ਰਹਿਣ ਲਈ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਇੱਕ ਵਾਰ ਫਿਰ ਅਪੀਲ ਕੀਤੀ ਕਿ ਅਫ਼ਵਾਹਾਂ ‘ਤੇ ਵਿਸਵਾਸ਼ ਨਾ ਕੀਤਾ ਜਾਵੇ ਅਤੇ ਸੈਂਪਲਿੰਗ ਕਰਵਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਮਾਸਕ ਲਗਾਉਣ, ਸਮਾਜਿਕ ਦੂਰੀ ਅਤੇ ਸਮੇਂ ਸਮੇਂ ‘ਤੇ ਆਪਣੇ ਹੱਥ ਸਾਫ਼ ਕਰਨ ਵਰਗੀਆਂ ਆਦਤਾਂ ਨਾਲ ਇਸ ਬਿਮਾਰੀ ਨਾਲ ਲੜਿਆ ਜਾ ਸਕਦਾ ਹੈ।
ਫੇਸਬੁੱਕ ਤੋਂ ਸਿੱਧੇ ਪ੍ਰਸਾਰਣ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਭਾਗ ਵੱਲੋਂ 24 ਸਤੰਬਰ ਤੋਂ 30 ਸਤੰਬਰ 2020 ਤੱਕ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ ਵਿਖੇ ਸੰਪਰਕ ਕਰਕੇ ਇਨ੍ਹਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ।





