ਕੈਂਸਰ ਦੀ ਸਮੇਂ ਸਿਰ ਪਹਿਚਾਣ ਅਤੇ ਇਲਾਜ਼ ਹੋਣਾ ਜ਼ਰੂਰੀ ਹੈ : ਨਾਜ਼ਰ ਸਿੰਘ ਮਾਨਸ਼ਾਹੀਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸਿਹਤ ਵਿਭਾਗ ਮਾਨਸਾ ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਇਕ ਜਾਗਰੂਕਤਾ ਸਾਇਕਲ ਰੈਲੀ ਕੱਢੀ ਗਈ, ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜ਼ਰ ਸਿੰਘ ਮਾਨਸਾਹੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਸਾਇਕਲ ਰੈਲੀ ਵਿੱਚ ਮਾਨਸਾ ਸਾਇਕਲ ਗਰੁੱਪ ਅਤੇ ਈਕੋ ਵਹੀਲਰ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਭਾਗ ਲਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਕੈਂਸਰ ਇਕ ਖਤਰਨਾਕ ਬਿਮਾਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਮਾਂ ਰਹਿੰਦੇ ਇਸ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਇਸਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਇਸ ਜਾਗਰੂਕਤਾ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਕਿਉਂਕਿ ਇਸ ਬਿਮਾਰੀ ਦਾ ਸਮੇਂ ਸਿਰ ਪਹਿਚਾਣ ਅਤੇ ਇਲਾਜ ਹੋਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਇਸ ਬਿਮਾਰੀ ਪ੍ਰਤੀ ਸਾਨੂੰ ਜਾਗਰੂਕ ਰਹਿਣਾ ਚਾਹੀਦਾ ਹੈ, ਤਾਂ ਜੋ ਅਜਿਹੀ ਭਿਆਨਕ ਬਿਮਾਰੀ ਦਾ ਸਮਾਂ ਰਹਿੰਦਿਆਂ ਪਤਾ ਲਗਾ ਕੇ ਇਸਦਾ ਇਲਾਜ਼ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਸਾਇਕਲ ਰੈਲੀ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ—ਵੱਖ ਥਾਵਾਂ ਤੋਂ ਹੁੰਦੀ ਹੋਈ ਸਿਵਲ ਹਸਪਤਾਲ ਮਾਨਸਾ ਵਿਖੇ ਸਮਾਪਤ ਹੋਈ।
ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਂਸਰ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਕੈਂਸਰ ਦੇ ਕਾਰਣਾਂ, ਲੱਛਣਾਂ ਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ।ਉਨ੍ਹਾਂ ਕਿਹਾ ਕਿ ਸੰਤੁਲਤ ਖੁਰਾਕ ਲੈਣ, ਆਪਣੀ ਰੋਜ਼ਮਰਾ ਦੀ ਜਿੰਦਗੀ ਸੁਧਾਰ ਕਰਨਾ ਚਾਹੀਦਾ ਹੈ ਅਤੇ ਸਰਾਬ, ਸਿਗਰਟ ਅਤੇ ਤੰਬਾਕੂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਸਮੇਂ—ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪਹਿਲਾਂ ਹੀ ਬਚਿਆ ਜਾ ਸਕੇ।ਉਨ੍ਹਾਂ ਅਪੀਲ ਕੀਤੀ ਕਿ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਜਾਂ ਲੱਛਣ ਦਿੱਖਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।
ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਵਿਜੈ ਕੁਮਾਰ ਤੇ ਪ੍ਰੋਗਰਾਮ ਅਫ਼ਸਰ ਐਨ.ਪੀ.ਸੀ.ਡੀ.ਸੀ.ਐਸ ਨੇ ਕੈਂਸਰ ਦੀਆਂ ਵੱਖ—ਵੱਖ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੂੰਹ ਦਾ ਕੈਂਸਰ, ਬੱਚੇਦਾਨੀ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਛਾਤੀ ਅਤੇ ਪੇਟ ਦਾ ਕੈਂਸਰ, ਬਲੱਡ ਕੈਂਸਰ ਆਦਿ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਤਕੀ ਨੂੰ ਲਗਾਤਾਰ ਖੰਘ, ਆਵਾਜ਼ ਵਿੱਚ ਭਾਰੀਪਨ, ਖੰਘਣ ਸਮੇਂ ਖੂਨ ਆਉਣਾ, ਸਰੀਰ ਦਾ ਘਟਣਾ, ਮੂੰਹ/ਮਸੂੜੇ/ਤਾਲੂਏ ਜਾਂ ਜੀਭ ਤੇ ਨਾ ਠੀਕ ਹੋਣ ਵਾਲਾ ਜ਼ਖਮ ਹੋਣਾ, ਛਾਤੀ ਵਿੱਚ ਗੰਢ ਦਾ ਹੋਣਾ ਆਦਿ ਹੋਣ *ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਚੈਕ—ਅਪ ਕਰਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਕੈਂਸਰ ਰਾਹਤ ਕੋਸ਼ ਫੰਡ ਤਹਿਤ ਸਰਕਾਰ ਵੱਲੋਂ 1.50 ਲੱਖ ਰੁਪਏ ਦੀ ਰਾਸ਼ੀ ਰਹਿਤ ਮੁਫ਼ਤ ਇਲਾਜ਼ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਇਸ ਮੌਕੇ ਐਸ.ਐਮ.ਓ. ਮਾਨਸਾ ਡਾ. ਹਰਚੰਦ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜਿ਼ਲ੍ਹਾ ਪ੍ਰਧਾਨ ਆਈ.ਐਮ.ਏ. ਡਾ. ਜਨਕ ਰਾਜ ਸਿੰਗਲਾ, ਡਾ. ਵਰੁਣ ਮਿੱਤਲ, ਜਿ਼ਲ੍ਹਾ ਮਾਸ ਮੀਡੀਆ ਅਫ਼ਸਰ ਸ਼ੀ੍ਰ ਸੁਖਮਿੰਦਰ ਸਿੰਘ ਤੋਂ ਇਲਾਵਾ ਮਾਨਸਾ ਸਾਇਕਲ ਗਰੁੱਪ ਅਤੇ ਈਕੋ ਵਹੀਲਰ ਸਾਇਕਲ ਗਰੁੱਪ ਦੇ ਮੈਂਬਰ ਮੌਜੂਦ ਸਨ।






