ਵਿਧਾਇਕ ਵੱਲੋਂ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੀ ਸਹਾਇਤਾ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਪਹਿਲਾਂ ਤੋਂ ਸੇਵਾਵਾਂ ਪ੍ਰਦਾਨ ਕਰ ਰਹੇ ਵਨ ਸਟੋਪ ਸੈਂਟਰ (ਸਖੀ) ਦੀ ਆਧੁਨਿਕ ਇਮਾਰਤ ਜ਼ਿਲ੍ਹਾ ਪ੍ਰਬੰਧਕੀ ਬਲਾਕ ਵਿਖੇ ਬਣਵਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਸ. ਨਾਜ਼ਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਸੈਂਟਰ ਦੀ ਉਸਾਰੀ ’ਤੇ ਲਗਭਗ 56 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਦੀ ਰਾਸ਼ੀ ਸਰਕਾਰ ਵੱਲੋਂ ਪਹਿਲਾਂ ਹੀ ਸਬੰਧਤ ਵਿਭਾਗ ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਖੀ ਸੈਂਟਰ ਦਾ ਮੁੱਖ ਉਦੇਸ਼ ਪਰਿਵਾਰ, ਸਮਾਜ ਦੇ ਅੰਦਰ, ਪ੍ਰਾਈਵੇਟ ਅਤੇ ਜਨਤਕ ਸਥਾਨਾਂ ਵਿੱਚ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਹਿਯੋਗ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਨੂੰ ਵੂਮੈਨ ਹੈਲਪਲਾਈਨ ਨੰਬਰ 181 ਨਾਲ ਜੋੜ ਕੇ ਇਕੋ ਛੱਤ ਹੇਠਾਂ ਪੀੜਤ ਔਰਤਾਂ ਨੂੰ ਤੁਰੰਤ ਮੈਡੀਕਲ, ਕਾਨੂੰਨੀ, ਮਨੋਵਿਗਿਆਨਕ ਤੇ ਸਲਾਹ ਸਹਾਇਤਾ ਦੇ ਨਾਲ ਨਾਲ ਹਿੰਸਾ ਦੇ ਕਿਸੇ ਵੀ ਰੂਪ ਦੇ ਖਿਲਾਫ਼ ਲੜਨ ਲਈ ਮਦਦ ਕੀਤੀ ਜਾਵੇਗੀ। ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਹੋਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਸ. ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ਹਲਕੇ ਦੇ ਬਹੁ ਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਅਧਿਕਾਰੀਆਂ ਦਾ ਵੀ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸਮੇਂ ਸਮੇਂ ’ਤੇ ਵਿਕਾਸ ਪ੍ਰੋਜੈਕਟਾਂ ਦੀ ਤਨਦੇਹੀ ਨਾਲ ਨਿਗਰਾਨੀ ਕਰਨ ਅਤੇ ਨਿਰਧਾਰਿਤ ਸਮੇਂ ਅੰਦਰ ਕੰਮਾਂ ਨੂੰ ਨੇਪਰੇ ਚੜ੍ਹਾਉਣ ਲਈ ਪਾਬੰਦ ਰਹਿਣ।
ਵਿਧਾਇਕ ਸ. ਮਾਨਸ਼ਾਹੀਆ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਾਲ ਵੱਖ ਵੱਖ ਸਕੀਮਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਪੈਨਸ਼ਨਾਂ ਦੀ ਰਾਸ਼ੀ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ ਅਤੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਵੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰ ਦਿੱਤਾ ਗਿਆ ਹੈ ਜਿਸ ਨਾਲ ਯਕੀਨੀ ਤੌਰ ’ਤੇ ਲਾਭਪਾਤਰੀਆਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਦਰਸ਼ਤਾ ਨਾਲ ਇਨ੍ਹਾਂ ਸਕੀਮਾਂ ਨੂੰ ਮਾਨਸਾ ਹਲਕੇ ਵਿੱਚ ਲਾਗੂ ਕੀਤਾ ਜਾਵੇ। ਉਨ੍ਹਾਂ ਐਸ.ਸੀ ਵਿਦਿਆਰਥੀਆਂ ਲਈ ਲਾਗੂ ਵਜ਼ੀਫਾ ਸਕੀਮਾਂ, ਰਾਸ਼ਨ ਦੀ ਵੰਡ ਦੀ ਸਥਿਤੀ, 50 ਆਂਗਣਵਾੜੀ ਸ਼ੌਚਾਲਯ ਦੀ ਉਸਾਰੀ ਅਤੇ ਆਂਗਣਵਾੜੀ ਵਰਕਰਾਂ ਦੀ ਭਰਤੀ ਪ੍ਰਕਿਰਿਆ ਆਦਿ ਬਾਰੇ ਵੀ ਜਾਇਜ਼ਾ ਲਿਆ।
ਵਿਧਾਇਕ ਨੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ, ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ ਕੋਵਿਡ ਸਾਵਧਾਨੀਆਂ ਦੀ ਪਾਲਣਾ ਲਈ ਕੀਤੇ ਜਾ ਰਹੇ ਉਪਰਾਲਿਆਂ, ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨਾਂ ਆਦਿ ਦਾ ਵੀ ਜਾਇਜ਼ਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਜਗਸੀਰ ਸਿੰਘ ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵਿੰਦਰ ਸਿੰਘ ਵੀ ਮੌਜੂਦ ਸਨ।





