ਚੰਡੀਗੜ੍ਹ, 29 ਅਪ੍ਰੈਲ:
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਐਫਸੀਆਈ ਵੱਲੋਂ ਮੰਡੀਆਂ `ਚੋਂ ਸ਼ਰਤਾਂ ਸਹਿਤ ਸਿੱਧੀ ਡਿਲੀਵਰੀ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ ਸ਼ਾਮ ਐਫ.ਸੀ.ਆਈ ਨੇ ਕਣਕ ਦੀ ਮਨਜ਼ੂਰੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਜਿਸਦੀ ਖਰੀਦ ਸੂਬੇ ਦੀਆਂ ਏਜੰਸੀਆਂ ਵੱਲੋਂ ਸੁੰਗੜੇ ਦਾਣਿਆਂ ਸਬੰਧੀ ਮਾਪਦੰਡਾਂ ਵਿੱਚ ਢਿੱਲ ਮਿਲਣ ਦੀ ਉਮੀਦ ਨਾਲ ਪਹਿਲਾਂ ਹੀ ਕਰ ਲਈ ਗਈ ਸੀ। ਉਨ੍ਹਾਂ ਕਿਹਾ ਕਿ ਕਣਕ ਲਈ ਮਨਜ਼ੂਰੀ ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ਅੰਤਿਮ ਫੈਸਲੇ ਦੇ ਅਧੀਨ ਹੋਵੇਗੀ।





