ਚੰਡੀਗਡ਼੍ਹ, 20 ਮਈ : – ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਆਪ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਹੈ। ਇਹ ਚਿੱਠੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਹੈ। ਇਸ ਵਿੱਚ ‘ਫਰੀਦਕੋਟ ਸੈਸ਼ਨ ਕੋਰਟ ‘ਚ ਚੱਲ ਰਹੇ ਮੁਕੱਦਮੇ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਉਨ੍ਹਾਂ ਦੇ ਆਪਣੇ ਹੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਲਿਖੀ ਇਕ ਚਿੱਠੀ ਦੇ ਸਬੰਧ ਵਿਚ ਸਵਾਲ ਕੀਤਾ ਹੈ, ਜਿਸ ਚ ਉਨ੍ਹਾਂ ਕਿਹਾ ਹੈ ਕਿ ਬੇਅਦਬੀ ਤੇ ਪੁਲੀਸ ਫਾਇਰਿੰਗ ਦੇ ਮਾਮਲੇ ਚ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ ਅਤੇ ਟ੍ਰਾਇਲ ਵੀ ਪਟੜੀ ਤੋਂ ਉਤਰ ਹੋ ਚੁੱਕਾ ਹੈ।
ਅੱਜ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪੰਜਾਬ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਹੈ ਕਿ ਆਮ ਤੌਰ ਤੇ ਆਪ ਕਿਸੇ ਵੀ ਗੱਲ ਤੇ ਤੇਜ਼ੀ ਨਾਲ ਪ੍ਰਤੀਕਿਰਿਆ ਦਿੰਦੀ ਹੈ, ਪਰ ਹੈਰਾਨੀਜਨਕ ਹੈ ਕਿ ਉਹ ਉਸਦੇ ਹੀ ਵਿਧਾਇਕ ਵੱਲੋਂ ਕੀਤੇ ਗਏ ਖੁਲਾਸਿਆਂ ਤੇ ਕਿਉਂ ਚੁੱਪ ਹੈ, ਜਿਨ੍ਹਾਂ ਨੇ ਗੁਨਾਹਗਾਰਾਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਸੀ ਅਤੇ ਤਤਕਾਲੀਨ ਸਰਕਾਰ ਤੋਂ ਅਸਹਿਮਤ ਹੋ ਕੇ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।





