ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਜਿਲ੍ਹਾ ਮਾਨਸਾ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਮੀਟਿੰਗ ਕੀਤੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜਲ ਸ਼ਕਤੀ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਮਾਨਸਾ ਵਿੱਚ ਜਲ ਸ਼ਕਤੀ ਅਭਿਆਨ (ਕੈਚ ਦ ਰੇਨ ਕੰਪੇਨ) ਪਿਛਲੇ ਤਿੰਨ ਮਹੀਨਿਆਂ ਤੋਂ ਜਾਰੀ ਹੈ। ਇਸ ਸਬੰਧੀ ਹੁਣ ਤੱਕ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਜਿਲ੍ਹਾ ਮਾਨਸਾ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਭਾਗਾਂ ਦੇ ਮੁਖੀਆਂ ਨੂੰ ਮੀਂਹ ਦਾ ਪਾਣੀ ਇਕੱਠਾ ਕਰਨ ਅਤੇ ਪਾਣੀ ਨੂੰ ਬਚਾਉਣ ਸਬੰਧੀ ਵੱਧ ਤੋਂ ਵੱਧ ਕੰਮ ਚਲਾਉਣ ਦੀ ਹਦਾਇਤ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੰਤਵ ਲਈ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ ਨੰ: 1 ਨੂੰ ਪੇਂਡੂ ਖੇਤਰ ਲਈ ਨੋਡਲ ਅਫਸਰ ਚੁਣਿਆ ਗਿਆ ਹੈ ਅਤੇ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡਵੀਜਨ ਨੰ: 2 ਨੂੰ ਸ਼ਹਿਰੀ ਖੇਤਰ ਲਈ ਨੋਡਲ ਅਫਸਰ ਚੁਣਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਪੱਧਰ *ਤੇ ਇੱਕ ਜਲ ਸ਼ਕਤੀ ਕੇਂਦਰ ਵੀ ਸਥਾਪਿਤ ਕੀਤਾ ਜਾਵੇਗਾ, ਜਿਸ ਵਿੱਚ ਕੰਮਾਂ ਦੀ ਪ੍ਰਗਤੀ ਵਾਚੀ ਜਾਵੇਗੀ ਅਤੇ ਪੁੱਛਗਿੱਛ ਲਈ ਇੱਕ ਟੋਲ ਫ੍ਰੀ ਨੰਬਰ ਵੀ ਚਲਾਇਆ ਜਾਵੇਗਾ। ਉਹਨਾਂ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸ਼ਹਿਰਾਂ ਦੇ ਲੋਕਾਂ ਨੂੰ ਵੱਖ ਵੱਖ ਗਤੀਵਿਧੀਆਂ ਰਾਹੀਂ ਪਾਣੀ ਬਚਾਉਣ ਲਈ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਉਹਨਾਂ ਵੱਲੋਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਅਤੇ ਸਮੂਹ ਸਰਪੰਚਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਪਾਣੀ ਬਚਾਉਣ ਸਬੰਧੀ ਵੱਧ ਤੋਂ ਵੱਧ ਕੰਮ ਚਲਾਏ ਜਾਣ ਅਤੇ ਪਾਣੀ ਬਚਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।





