
ਮਾਨਸਾ, 24 ਸਤੰਬਰ (ਗੁਰਜੰਟ ਸਿੰਘ ਬਾਜੇਵਾਲੀਆ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਫਸਲ ਅਤੇ ਰਹਿੰਦ-ਖੂੰਹਦ/ਨਾੜ੍ਹ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂਹੰਦ (ਨਾੜ) ਨੂੰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਤੇ ਆਲੇ-ਦੁਆਲੇ ਖੜੀ ਫਸਲ ਦੇ ਨਾਲ-ਨਾਲ ਅੱਗ ਲੱਗਣ ਦਾ ਡਰ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ ਪੈਦਾ ਹੋਏ ਧੂੰਏ ਕਾਰਨ ਵੱਡੇ ਸੜਕੀ ਹਾਦਸੇ ਵਾਪਰਨ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਧੀਨ ਧਾਰਾ 19 ਆਫ਼ ਦ ਏਅਰ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ਼ ਪਲਯੂਸ਼ਨ ਐਕਟ 1981 ਦੇ ਤਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਮੁਤਾਬਿਕ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 25 ਨਵੰਬਰ 2021 ਤੱਕ ਲਾਗੂ ਰਹੇਗਾ।




