
ਮਾਨਸਾ, 24 ਸਤੰਬਰ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਈਨ ‘ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ.’ ਲਗਾਏ ਬਿਨ੍ਹਾਂ ਨਹੀਂ ਚਲਾਈ ਜਾਵੇਗੀ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਝੋਨਾ (ਜੀਰੀ) ਸੀਜ਼ਨ ਦੀ ਫਸਲ ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਝੋਨਾ (ਜੀਰੀ) ਦੀ ਫਸਲ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ। ਫਸਲ ਦੀ ਕਟਾਈ ਵਾਸਤੇ ਦਿਨ ਰਾਤ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕੰਬਾਇਨਾਂ ਰਾਤ ਵੇਲੇ ਹਰਾ ਟੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦਿਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਟਾ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਘੱਟ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੰਬਾਈਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਵੀ ਝੋਨੇ ਦੀਅ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉਥੇ ਇਸ ਦਾ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ। ਇਹ ਹੁਕਮ 25 ਨਵੰੰਬਰ ਤੱਕ ਲਾਗੂ ਰਹੇਗਾ।





