ਟਰੱਸਟ ਹੁਣ ਤੱਕ 2 ਲੱਖ ਪਰਿਵਾਰਾਂ ਨੂੰ ਵੰਡ ਚੁੱਕਾ ਹੈ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ : ਡਾ.ਓਬਰਾਏ
ਡਾ.ਓਬਰਾਏ ਦੀ ਨਿਰਸਵਾਰਥ ਸੇਵਾ ਨੇ ਪੂਰੀ ਦੁਨੀਆਂ ਅੰਦਰ ਸਿੱਖ ਧਰਮ ਦਾ ਮਾਣ ਵਧਾਇਆ : ਸੰਤ ਭੂਰੀਵਾਲੇ

ਅੰਮ੍ਰਿਤਸਰ (ਹਰਜਿੰਦਰ ਸਿੰਘ ਕਤਨਾ) : ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ‘ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ ‘ਚ ਜੁਟੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਗੁਰਦੁਆਰਾ ਪਲਾਹ ਸਾਹਿਬ ਵਿਖੇ ਇਲਾਕੇ ਦੇ ਰੁਜ਼ਗਾਰਹੀਣ ਹੋਏ ਗ੍ਰੰਥੀ ਸਿੰਘਾਂ ਤੇ ਹੋਰਨਾਂ ਸੇਵਾਦਾਰਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ ।
ਇਸ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਕਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ 2 ਲੱਖ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਤੋਂ ਇਲਾਵਾ ਵੱਖ-ਵੱਖ ਗੁਰੂ ਘਰਾਂ ਅੰਦਰ ਚੱਲਣ ਵਾਲੀਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਤੇ ਹੋਰ ਧਾਰਮਿਕ ਸਮਾਗਮ ਆਦਿ ਬੰਦ ਹੋਣ ਕਾਰਨ ਰੋਜ਼ੀ-ਰੋਟੀ ਤੋਂ ਆਤੁਰ ਹੋਏ ਲੋੜਵੰਦ ਪਾਠੀ ਰਾਗੀ,ਢਾਡੀ ਸਿੰਘਾਂ, ਕਵੀਸ਼ਰਾਂ ਅਤੇ ਕਥਾ ਵਾਚਕਾਂ ਦੇ 15 ਹਜ਼ਾਰ ਦੇ ਲਗਭਗ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਗਹੀਣਾਂ ਅਤੇ ਸਿੱਖ ਪ੍ਰਚਾਰਕਾਂ ਨੂੰ ਦਿੱਤੀ ਜਾਣ ਵਾਲੀ ਰਾਸ਼ਨ ਦੀ ਸਹੂਲਤ ਦਸੰਬਰ ਮਹੀਨੇ ਤੱਕ ਜਾਰੀ ਰਹੇਗੀ ।
ਇਸ ਦੌਰਾਨ ਮੌਜੂਦ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲਿਆਂ, ਸੇਵਾਦਾਰ ਪ੍ਰਦੀਪ ਸਿੰਘ ਥਿੰਦ,ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਬਾਬਾ ਦਿਲਬਾਗ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਆਦਿ ਨੇ ਇਸ ਔਖੀ ਘੜੀ ਵੇਲੇ ਗੁਰੂ ਘਰ ਦੇ ਵਜ਼ੀਰਾਂ ਦੀ ਮਦਦ ਲਈ ਅੱਗੇ ਆਉਣ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਸ਼ੁਕਰਾਨਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਪਰਉਪਕਾਰਾਂ ਨਾਲ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਪਲਾਹ ਸਾਹਿਬ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਦੌਰਾਨ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਸੰਗਤ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੋ ਹਜ਼ਾਰ ਤਿੰਨ-ਪਰਤੀ ਸਰਜੀਕਲ ਮਾਸਕ ਤੇ 700 ਰਬੜ ਦੇ ਦਸਤਾਨੇ ਵੀ ਦਿੱਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਡਾ.ਸਤਨਾਮ ਸਿੰਘ ਨਿੱਜਰ,ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਖਜ਼ਾਨਚੀ ਨਵਜੀਤ ਸਿੰਘ ਘਈ ਤੇ ਹੋਰ ਸੇਵਾਦਾਰ ਵੀ ਮੌਜੂਦ ਸਨ।





