16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ

ਵੈਕਸੀਨੇਸ਼ਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਵਿਸ਼ੇਸ਼ ਕੈਂਪ ਲਗਾਉਣ ਤੋਂ ਇੱਕ ਦਿਨ ਪਹਿਲਾਂ ਲੋਕਾਂ ਨੂੰ ਘਰ ਘਰ ਜਾ ਕੇ ਕੀਤਾ ਜਾਵੇ ਪ੍ਰੇਰਿਤ: ਡੀ.ਸੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੌਰਾਨ ਸੈਂਪਲਿੰਗ ਤੇ ਟੀਕਾਕਰਨ ਬਾਰੇ ਦਿਹਾਤੀ ਤੇ ਸ਼ਹਿਰੀ ਪੱਧਰ ’ਤੇ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਅਤੇ ਹਰ ਸਾਧਨ ਦੀ ਵਰਤੋਂ ਕਰਦਿਆਂ ਵੱਧ ਤੋਂ ਵੱਧ ਲੋਕਾਂ ਤੱਕ ਸਿੱਧੀ ਪਹੁੰਚ ਬਣਾਈ ਜਾਵੇ ਤਾਂ ਜੋ ਜਾਗਰੂਕਤਾ ਦੀ ਕਮੀ ਕਾਰਨ ਕੋਈ ਵੀ ਨਾਗਰਿਕ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜੀਵਨ ਰੱਖਿਅਕ ਟੀਕਾ ਲਗਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਸ਼ਾ ਵਰਕਰ, ਆਂਗਣਵਾੜੀ ਵਰਕਰ, ਪੰਚਾਇਤ ਸਕੱਤਰ, ਗ੍ਰਾਮ ਪੰਚਾਇਤਾਂ ਇਸ ਕਾਰਜ ਨੂੰ ਬਾਖੂਬੀ ਨਿਭਾਅ ਸਕਦੀਆਂ ਹਨ ਅਤੇ ਸ਼ਹਿਰਾਂ ਵਿੱਚ ਕੌਂਸਲਰ ਤੇ ਕਾਰਜਸਾਧਕ ਅਧਿਕਾਰੀਆਂ ਦੁਆਰਾ ਜਾਗਰੂਕਤਾ ਪੈਦਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਏ ਜਾਣ ਦੀ ਲੋੜ ਹੈ। ਉਨ੍ਹਾਂ ਯੁਵਕ ਸੇਵਾਵਾਂ ਨਾਲ ਸਬੰਧਤ ਕਲੱਬਾਂ ਦੇ ਅਗਾਂਹਵਧੂ ਮੈਂਬਰਾਂ ਨੂੰ ਵੀ ਲੋਕਾਂ ਤੱਕ ਪਹੁੰਚ ਕਰਨ ਅਤੇ ਟੀਕਾਕਰਨ ਬਾਰੇ ਚੇਤਨ ਕਰਨ ਲਈ ਲਗਾਤਾਰ ਉਪਰਾਲੇ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਓਟ ਕਲੀਨਿਕਾਂ ਵਿਖੇ ਓ.ਪੀ.ਡੀ ਸੇਵਾਵਾਂ ਹਾਸਲ ਕਰਨ ਵਾਲਿਆਂ ਨੂੰ ਵੀ ਟੀਕਾਕਰਨ ਲਈ ਪੇ੍ਰਰਿਤ ਕੀਤਾ ਜਾਵੇ, ਸਲੱਮ ਬਸਤੀਆਂ, ਭੱਠਾ ਮਜ਼ਦੂਰਾਂ, ਕਿਰਤੀ ਕਾਮਿਆਂ ਆਦਿ ਸਭ ਦੀ ਵੈਕਸੀਨੇਸ਼ਨ ਬੇਹੱਦ ਜ਼ਰੂਰੀ ਹੈ ਅਤੇ ਇਸ ਸਬੰਧ ਵਿੱਚ ਲਗਾਤਾਰ ਯਤਨ ਜਾਰੀ ਰੱਖੇ ਜਾਣ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ ਜਾਂ ਵਾਰਡਾਂ ਵਿਖੇ ਵਿਸ਼ੇਸ ਤੌਰ ਉਤੇ ਵੈਕਸੀਨੇਸ਼ਨ ਕੈਂਪਾਂ ਦਾ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਉਥੇ ਇੱਕ ਦਿਨ ਪਹਿਲਾਂ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕੈਂਪ ਦੌਰਾਨ ਵੱਧ ਤੋਂ ਵੱਧ ਲੋਕ ਫਾਇਦਾ ਲੈ ਸਕਣ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨੇ ਹੁਣ ਤੱਕ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਅਤੇ ਆਉਂਦੇ ਦਿਨਾਂ ਵਿੱਚ ਹੋਰ ਵੀ ਤੇਜ਼ੀ ਨਾਲ ਜਾਗਰੂਕਤਾ ਮੁਹਿੰਮ ਚਲਾਉਣ ਦਾ ਵਿਸ਼ਵਾਸ ਦਿਵਾਇਆ।
ਮੀਟਿੰਗ ਦੌਰਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਸਹਾਇਕ ਕਮਿਸ਼ਨਰ ਬਲਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਗਿੱਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS