ਜਦੋਂ ਤੱਕ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਮਜ਼ਦੂਰ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰੱਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪੰਜਾਬ ਪੱਧਰ ਲਿਆਇਆ ਜਾਵੇਗਾ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾਈ ਸੱਦੇ ਤੇ ਪੰਜਾਬ ਦੀਆਂ ਚਾਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਵੱਲੋਂ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਰੋਹ ਭਰਪੂਰ ਪ੍ਰਦਰਸ਼ਨ ਕਰਕੇ ਧਰਨਾ ਮਾਰਿਆ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਇਸ ਸਮੇਂ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਸਿਨੀਅਰ ਆਗੂਆਂ ਨੇ ਕੇਂਦਰ ਮੋਦੀ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਨਿੱਜੀਕਰਨ ਤੇ ਵਪਾਰੀਕਰਨ ਕਰਕੇ ਵਿੱਦਿਆ ਸਿਹਤ ਸੇਵਾਵਾਂ ਅਤੇ ਰੇਲਵੇ ਵਰਗੇ ਹੋਰ ਸਰਕਾਰੀ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਨੂੰ ਵੇਚਣ ਵਿਰੁੱਧ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨਾਲ ਕੀਤੀ ਵਾਅਦਾ ਖਿਲਾਫੀ ਵਿਰੁੱਧ ਜੰਮਕੇ ਨਾਹਰੇ ਬਾਜ਼ੀ ਕੀਤੀ ਗਈ । ਉਹਨਾਂ ਕਿਹਾ ਇਹ ਦੋਵੇਂ ਸਰਕਾਰਾਂ ਕਰੋਨਾ ਮਹਾਂਮਾਰੀ ਦੀ ਆੜ ਹੇਠ ਲਗਾਤਾਰ ਲੋਕ ਵਿਰੋਧੀ ਫੈਸਲੇ ਕਰ ਰਹੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨਾਲ ਕਰਜਾ ਮੁਆਫੀ , ਰਹਾਇਸ਼ ਲਈ ਪਲਾਟ ਅਲਾਟ ਕਰਨ , ਪੈਨਸ਼ਨਾਂ ਦੀ ਰਾਸ਼ੀ ਵਧਾਉਣ ਰਾਸ਼ਨ ਡਿਪੂਆਂ ਉਪਰ ਨਿੱਤ ਵਰਤੋਂ ਦੀਆਂ ਜ਼ਰੂਰੀ ਵਸਤਾਂ ਜਿਸ ਵਿੱਚ ਖੰਡ , ਘਿਓ ਚਾਵਲ ਦੇਣ ਦੇ ਵਾਦਿਆ ਨੂੰ ਲਾਗੂ ਨਹੀਂ ਕੀਤਾ ਗਿਆ । ਜਿਸ ਕਾਰਨ ਮਜ਼ਦੂਰ ਜਥੇਬੰਦੀਆਂ ਨੂੰ ਸੰਘਰਸ਼ ਮਘਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਮਜ਼ਦੂਰ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰੱਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪੰਜਾਬ ਪੱਧਰ ਲਿਆਇਆ ਜਾਵੇਗਾ ।






