ਮਲੇਰਕੋਟਲਾ 1 ਮਾਰਚ : ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਮਾਧਵੀ ਕਟਾਰੀਆ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਵਿਖੇ 25 ਮਾਰਚ 2022 ਤੱਕ ਕੋਵਿਡ-19 ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਐਪੀਡੈਮਿਕ ਡਿਸੀਜ਼ ਐਕਟ 1897 ਦੇ ਐਕਟ ਨੰਬਰ 2 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀਆ 26 ਫਰਵਰੀ ਤੋਂ 25 ਮਾਰਚ 2022 ਤੱਕ ਲਗਾਈਆਂ ਗਈਆਂ ਹਨ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਮਾਧਵੀ ਕਟਾਰੀਆ ਨੇ ਕੋਵਿਡ-19 ਦੇ ਖ਼ਤਰੇ ਦੇ ਮੱਦੇਨਜ਼ਰ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਯੂਨੀਵਰਸਿਟੀਆਂ, ਕਾਲਜ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ,ਪੌਲੀਟੈਕਨਿਕ, ਆਈ.ਟੀ.ਆਈ., ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਚਾਹੇ ਸਰਕਾਰੀ ਜਾਂ ਨਿੱਜੀ) ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਲੋੜੀਂਦੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਕਲਾਸਾਂ ਲਗਾਉਣ ਅਤੇ ਕੋਵਿਡ-19 ਉਚਿਤ ਵਿਵਹਾਰ ਸੰਬੰਧੀ ਮਾਪਦੰਡ ਰੱਖਣੇ ਹੋਣਗੇ। ਸਬੰਧਿਤ ਸੰਸਥਾਵਾਂ 15 ਸਾਲ ਤੋਂ ਵੱਧ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਪਹਿਲੀ ਖ਼ੁਰਾਕ ਲਾਜ਼ਮੀ ਕਰਨ ਉਪਰੰਤ ਹੀ ਨਿੱਜੀ ਤੌਰ ਤੇ ਕਲਾਸਾਂ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਵਿਕਲਪ ਵੀ ਹੋਵੇਗਾ । ਹੁਕਮਾਂ ਤਹਿਤ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਇਹ ਹੁਕਮ ਅਗਲੇ ਹੁਕਮਾਂ 25 ਮਾਰਚ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।






